ਕਿਸਾਨ ਯੂਨੀਅਨ ਡਕੌਂਦਾ ਨੇ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਿਆ
ਪਰਸ਼ੋਤਮ ਬੱਲੀ
ਬਰਨਾਲਾ, 3 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਐੱਸਡੀਐੱਮ ਬਰਨਾਲਾ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਆਪ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਭਰਵੀਂ ਰੈਲੀ ਕੀਤੀ ਗਈ। ਇਸ ਵਿੱਚ ਬਰਨਾਲਾ ਤੋਂ ਇਲਾਵਾ ਸੰਗਰੂਰ, ਲੁਧਿਆਣਾ, ਮੋਗਾ ਅਤੇ ਕਪੂਰਥਲਾ ਦੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਆਦਿ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀ ਜ਼ਮੀਨ, ਜੋ ਕਿ ਉਨ੍ਹਾਂ ਨੂੰ ਚੱਕਬੰਦੀ ਵਿਭਾਗ ਵੱਲੋਂ ਅਲਾਟ ਕੀਤੀ ਗਈ ਸੀ, ਆਪ ਆਗੂਆਂ ਦੀ ਕਥਿਤ ਸ਼ਹਿ ’ਤੇ ਭੂ ਮਾਫ਼ੀਆ ਵੱਲੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਪਿਛਲੇ ਪੌਣੇ ਦੋ ਸਾਲ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਬਰਨਾਲਾ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕੀਤਾ ਜਾਵੇ। ਬੁਲਾਰਿਆਂ ਨੇ ਦੁਹਰਾਇਆ ਕਿ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਹਰ ਕੁਰਬਾਨੀ ਦੇ ਕੇ ਕੀਤੀ ਜਾਵੇਗੀ। ਭਲਕੇ ਚਾਰ ਨਵੰਬਰ ਨੂੰ ਗਿੱਦੜਬਾਹਾ ਹਲਕੇ ਵਿੱਚ ਵੀ ਜਥੇਬੰਦੀ ਵੱਲੋਂ ਰੈਲੀ ਕੀਤੀ ਜਾਵੇਗੀ।