ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਿਆ
ਪਰਸ਼ੋਤਮ ਬੱਲੀ
ਬਰਨਾਲਾ, 3 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਐੱਸਡੀਐੱਮ ਬਰਨਾਲਾ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਰੈਲੀ ਕੀਤੀ ਗਈ। ਇਸ ਵਿੱਚ ਬਰਨਾਲਾ ਤੋਂ ਇਲਾਵਾ ਸੰਗਰੂਰ, ਲੁਧਿਆਣਾ, ਮੋਗਾ ਅਤੇ ਕਪੂਰਥਲਾ ਦੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਆਦਿ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਨੂੰ ਚੱਕਬੰਦੀ ਵਿਭਾਗ ਵੱਲੋਂ ਅਲਾਟ ਕੀਤੀ ਗਈ ਸੀ, ਆਮ ਆਦਮੀ ਪਾਰਟੀ ਦੇ ਮੋਹਰੀ ਆਗੂ ਦੀ ਕਥਿਤ ਸ਼ਹਿ ’ਤੇ ਭੂ ਮਾਫ਼ੀਆ ਵੱਲੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪੀੜਤ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਹਨ। ਜਥੇਬੰਦੀ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਵਾਰ-ਵਾਰ ਪਹੁੰਚ ਕੀਤੀ ਗਈ ਹੈ ਪਰ ਮਸਲਾ ਹੱਲ ਨਹੀਂ ਹੋ ਰਿਹਾ। ਇਸ ਸਬੰਧੀ ਜਥੇਬੰਦੀ ਪਿਛਲੇ ਪੌਣੇ ਦੋ ਸਾਲ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਬਰਨਾਲਾ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕੀਤਾ ਜਾਵੇ।