ਕੋਲਕਾਤਾ ਕੇਸ: ਮੁੱਖ ਮੁਲਜ਼ਮ ਦਾ ਨਾਰਕੋ ਟੈਸਟ ਕਰਾਉਣ ਦੀ ਅਪੀਲ ਖਾਰਜ
ਕੋਲਕਾਤਾ, 13 ਸਤੰਬਰ
ਇੱਥੋਂ ਦੀ ਅਦਾਲਤ ਨੇ ਆਰਜੀ ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਮਗਰੋਂ ਮਹਿਲਾ ਡਾਕਟਰ ਦੀ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਦਾ ਨਾਰਕੋ ਟੈਸਟ ਕਰਾਉਣ ਸਬੰਧੀ ਸੀਬੀਆਈ ਦੀ ਅਪੀਲ ਅੱਜ ਖਾਰਜ ਕਰ ਦਿੱਤੀ ਹੈ। ਇਸੇ ਦੌਰਾਨ ਮੁਜ਼ਾਹਰਾਕਾਰੀ ਜੂਨੀਅਰ ਡਾਕਟਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਘਟਨਾ ਸਬੰਧੀ ਮਾਮਲੇ ’ਚ ਦਖਲ ਦੀ ਮੰਗ ਕੀਤੀ ਹੈ।
ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਜੈ ਰਾਏ ਨੇ ਟੈਸਟ ਕਰਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸੀਬੀਆਈ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਪਹਿਲਾਂ ਮੁਲਜ਼ਮ ਟੈਸਟ ਕਰਾਉਣ ਲਈ ਰਾਜ਼ੀ ਹੋ ਗਿਆ ਸੀ ਪਰ ਬਾਅਦ ਵਿੱਚ ਉਸ ਨੇ ਆਪਣਾ ਇਰਾਦਾ ਬਦਲ ਲਿਆ। ਇਸੇ ਦੌਰਾਨ ਪੱਛਮੀ ਬੰਗਾਲ ਜੂਨੀਅਰ ਡਾਕਟਰਜ਼ ਫਰੰਟ ਵੱਲੋਂ ਲਿਖੇ ਗਏ ਪੱਤਰ ਦੀਆਂ ਕਾਪੀਆਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਲ ਨਾਲ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਸਿਹਤ ਮੰਤਰੀ ਜੇਪੀ ਨੱਢਾ ਨੂੰ ਭੇਜੀਆਂ ਗਈਆਂ ਹਨ। -ਪੀਟੀਆਈ
ਇਲਾਜ ਖੁਣੋਂ ਫੌਤ ਹੋਏ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ ਮਮਤਾ ਸਰਕਾਰ
ਕੋਲਕਾਤਾ:
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਉਨ੍ਹਾਂ 29 ਜਣਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਜਿਨ੍ਹਾਂ ਦੀ ਪ੍ਰਦਰਸ਼ਨਕਾਰੀ ਡਾਕਟਰਾਂ ਦੀ ਹੜਤਾਲ ਕਾਰਨ ਕਥਿਤ ਤੌਰ ’ਤੇ ਇਲਾਜ ਨਾ ਮਿਲਣ ਕਾਰਨ ਮੌਤ ਹੋ ਗਈ। -ਪੀਟੀਆਈ