ਕੋਲਕਾਤਾ ਕਾਂਡ: ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਲਈ ਪ੍ਰਦਰਸ਼ਨ
ਪੱਤਰ ਪ੍ਰੇਰਕ
ਬਠਿੰਡਾ, 19 ਅਗਸਤ
ਇੱਥੇ ਵੇਰਕਾ ਮਿਲਕ ਪਲਾਂਟ ਦੇ ਕਾਮਿਆਂ ਵੱਲੋਂ ਕੋਲਕਾਤਾ ਕਾਂਡ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਇਸ ਘਟਨਾ ਨਾਲ ਹਰ ਇਨਸਾਨ ਦੀ ਰੂਹ ਕੰਬ ਉੱਠੀ ਹੈ। ਉਨ੍ਹਾਂ ਕਿਹਾ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਦਿੱਤਾ ਗਿਆ ਸੀ ਪਰ ਇਸ ਦੇ ਉਲਟ ਕਥਿਤ ਸਿਆਸੀ ਸ਼ਹਿ ਪ੍ਰਾਪਤ ਲੋਕਾਂ ਵੱਲੋਂ ਦੇਸ਼ ਅੰਦਰ ਰੋਜ਼ ਜਬਰ-ਜਨਾਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਗੱਲ ਤਾਂ ਦੂਰ ਇਸ ਘਟਨਾ ਦੀ ਨਿਖੇਧੀ ਲਈ ਮੂੰਹ ਤੱਕ ਵੀ ਨਹੀਂ ਖੋਲ੍ਹਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਵੇਰਕਾ ਆਊਟਸੋਰਸ ਯੂਨੀਅਨ ਵੱਲੋਂ ਸੂਬੇ ਭਰ ’ਚ ਵੇਰਕਾ ਪਲਾਂਟਾ ਵਿੱਚ ਗੇਟ ਰੈਲੀਆਂ ਕਰ ਕੇ ਇਸ ਘਟਨਾ ਦੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਹੈ। ਇਸ ਦੌਰਾਨ ਇਸ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਲੋਕ ਮੋਰਚਾ ਪੰਜਾਬ ਤੋਂ ਸੁਖਵਿੰਦਰ ਸਿੰਘ, ਸ਼ਿਰੀ, ਥਰਮਲ ਪਲਾਂਟ ਤੋਂ ਗੁਰਵਿੰਦਰ ਸਿੰਘ ਪੰਨੂ, ਪੀਐੱਸਯੂ (ਲਲਕਾਰ) ਤੋਂ ਪਰਵਿੰਦਰ ਕੌਰ, ਵੇਰਕਾ ਮਿਲਕ ਪਲਾਂਟ ਦੇ ਕਾਜਲਦੀਪ ਸਿੰਘ, ਲਵਲੀਨ ਕੌਰ, ਨਿਰਮਲ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਜੋਤੀ, ਰਾਜ ਕੁਮਾਰ ਸਣੇ ਹੋਰ ਵਰਕਰ ਹਾਜ਼ਰ ਸਨ।
ਸ਼ਹਿਣਾ (ਪੱਤਰ ਪ੍ਰੇਰਕ): ਕਸਬਾ ਸ਼ਹਿਣਾ ਦੇ ਸਮਾਜ ਸੇਵੀਆਂ, ਕਲੱਬਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਕੋਲਕਾਤਾ ਕਾਂਡ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੀਤਾ। ਇਹ ਮਾਰਚ ਸ਼ਹੀਦ ਭਗਤ ਸਿੰਘ ਚੌਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਿਆ ਅਤੇ ਪੰਚਾਇਤ ਘਰ ਵਿੱਚ ਸਮਾਪਤ ਹੋਇਆ। ਮੋਮਬੱਤੀ ਮਾਰਚ ਵਿੱਚ ‘ਆਪ’ ਆਗੂ ਡਾਕਟਰ ਅਨਿਲ ਗਰਗ, ਸੁਨੀਲ ਸਿੰਗਲਾ, ਸੁਖਦੇਵ ਸਿੰਘ ਝੋਰਡ, ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਬੇਅੰਤ ਸਿੰਘ ਸਰ੍ਹਾਂ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ, ਸਹਿਕਾਰੀ ਸਭਾ ਸ਼ਹਿਣਾ ਦੇ ਪ੍ਰਧਾਨ ਜੈ ਆਦਮ ਪ੍ਰਕਾਸ਼ ਸਿੰਘ, ਪੰਚਾਇਤ ਆਗੂ ਜਤਿੰਦਰ ਸਿੰਘ ਖਹਿਰਾ ਆਦਿ ਸ਼ਾਮਲ ਹੋਏ।
ਜ਼ੀਰਾ (ਪੱਤਰ ਪ੍ਰੇਰਕ): ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਕੋਲਕਾਤਾ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਫਰੰਟ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਬਲਰਾਮ ਸ਼ਰਮਾ ਤੇ ਜਨਰਲ ਸਕੱਤਰ ਗਗਨਦੀਪ ਸਿੰਘ ਬਰਾੜ ਨੇ ਕਿਹਾ ਕਿ ਇਹ ਘਟਨਾ ਦੇਸ਼ ਵਿੱਚ ਔਰਤਾਂ ਦੀ ਸੁਰੱਖਿਆ ਉੱਤੇ ਪ੍ਰਸ਼ਨ ਚਿੰਨ੍ਹ ਲਗਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਹਸਪਤਾਲ ਵਰਗੇ ਸਥਾਨ ’ਤੇ ਵੀ ਔਰਤਾਂ ਸੁਰੱਖਿਅਤ ਨਹੀਂ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਜੀਤ ਸਰਾਂ, ਮੀਤ ਪ੍ਰਧਾਨ ਉਡੀਕ ਚਾਵਲਾ, ਜਥੇਬੰਦਕ ਸਕੱਤਰ ਗੁਰਦੇਵ ਸਿੰਘ ਭਾਗੋਕੇ, ਵਿੱਤ ਸਕੱਤਰ ਗੁਰਮੀਤ ਸਿੰਘ ਤੂੰਬੜਭੰਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਸ਼ ਦੇ ਸਮੁੱਚੇ ਤਾਣੇ-ਬਾਣੇ ਦੀਆਂ ਕਮਜ਼ੋਰੀਆਂ ਉਜਾਗਰ ਕਰਦੀਆਂ ਹਨ।