ਕੋਲਕਾਤਾ ਕਾਂਡ: ਪੰਜਾਬ ’ਚ ਡਾਕਟਰਾਂ ਤੇ ਹੋਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਕਾਂਡ ਨੂੰ ਲੈ ਕੇ ਦੇਸ਼ ਭਰ ਵਿੱਚ ਸਿਹਤ ਕਾਮਿਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਜਨ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਸੰਘਰਸ਼ ਵਿੱਚ ਡਾਕਟਰਾਂ ਦੇ ਨਾਲ-ਨਾਲ ਸਮਾਜ ਸੇਵੀ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵੀ ਸ਼ਾਮਲ ਹੋ ਰਹੀਆਂ ਹਨ, ਜਿਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਵੀ ਪੰਜਾਬ ਭਰ ਵਿੱਚ ਡਾਕਟਰਾਂ ਤੇ ਹੋਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਡਾਕਟਰਾਂ ਨੇ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ ਪਟਿਆਲਾ, ਅੰਮ੍ਰਿਤਸਰ, ਜਲੰਧਰ, ਫਰੀਦਕੋਟ ਸਣੇ ਸਮੁੱਚੇ ਪੰਜਾਬ ਵਿਚਲੇ ਹਸਪਤਾਲਾਂ ਦੇ ਬਾਹਰ ਡਾਕਟਰਾਂ ਤੇ ਹੋਰ ਸਿਹਤ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਨਾਲ ਹੀ ਸੰਘਰਸ਼ ਵਿਚ ਸ਼ਾਮਲ ਹੁੰਦਿਆਂ ਪੰਜਾਬ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੀ ਡਾਕਟਰਾਂ ਦੀ ਹਮਾਇਤ ਵਿੱਚ ਮੋਮਬੱਤੀ ਮਾਰਚ ਕੱਢੇ ਗਏ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਡਾਕਟਰਾਂ ਸਣੇ ਹੋਰਨਾਂ ਜਥੇਬੰਦੀਆਂ ਨੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਸਿਵਲ ਸਰਵਿਸ (ਈਬੀ) ਸੇਵਾਮੁਕਤ ਆਫਿਸਰਜ਼ ਐਸੋਸੀਏਸ਼ਨ ਦੇ ਮੈਂਬਰ ਵੀ ਸੰਘਰਸ਼ ਵਿਚ ਨਿੱਤਰ ਆਏ ਹਨ ਜਿਨ੍ਹਾਂ ਵੱਲੋਂ ਐਸੋਸੀਏਸ਼ਨ ਦੇ ਚੇਅਰਮੈਨ ਜੀਐੱਸ ਬਾਹੀਆ, ਪ੍ਰਧਾਨ ਡਾ. ਬਲਬੀਰ ਸਿੰਘ ਢੋਲ ਦੀ ਅਗਵਾਈ ਹੇਠ ਸੈਕਟਰ-17 ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-32 ਅਤੇ ਸੈਕਟਰ-16 ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੇ ਹੋਰਨਾਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀ ਇਨਸਾਫ਼ ਦੀ ਮੰਗ ਲਈ ਰੋਸ ਪ੍ਰਦਰਸ਼ਨ ਕੀਤੇ ਗਏ।