For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਕਾਂਡ: ਵਿਦਿਆਰਥੀਆਂ ਸਣੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਸੜਕਾਂ ’ਤੇ ਉਤਰੇ

08:03 AM Aug 21, 2024 IST
ਕੋਲਕਾਤਾ ਕਾਂਡ  ਵਿਦਿਆਰਥੀਆਂ ਸਣੇ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ ਸੜਕਾਂ ’ਤੇ ਉਤਰੇ
ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਨਾਲ ਸਬੰਧਤ ਵਿਦਿਆਰਥੀ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਵਿੱਚ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਲਈ ਰੋਸ ਰੈਲੀ ਕਰਨ ਉਪਰੰਤ ਬਠਿੰਡਾ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ।
ਵਿਦਿਆਰਥੀ ਆਗੂਆਂ ਰਜਿੰਦਰ ਸਿੰਘ ਅਤੇ ਪਾਇਲ ਅਰੋੜਾ ਨੇ ਇਸ ਮੌਕੇ ਕਿਹਾ ਕਿ ਇਸ ਮਾਮਲੇ ਵਿੱਚ ਪੋਸਟਮਾਰਟਮ ਦੀ ਰਿਪੋਰਟ ਵਿੱਚ ਬੇਰਹਿਮੀ ਨਾਲ ਕਤਲ ਕਰਨ ਦਾ ਖ਼ੁਲਾਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਉੱਥੇ ਹੀ ਸਮਾਜ ਵਿੱਚ ਮਹਿਲਾਵਾਂ ਦੀ ਸੁਰੱਖਿਆ ਦੇ ਸਵਾਲ ਨੂੰ ਵੀ ਉਭਾਰਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾ ਘਰਾਂ ਵਿੱਚ ਸੁਰੱਖਿਅਤ ਹਨ, ਨਾ ਹੀ ਬਾਹਰ। ਉਨ੍ਹਾਂ ਕਿਹਾ ਕਿ ਜਿੱਥੇ ਮਹਿਲਾਵਾਂ ਦੀ ਇਸ ਸਥਿਤੀ ਲਈ ਔਰਤ ਵਿਰੋਧੀ ਮਾਨਸਿਕਤਾ ਜ਼ਿੰਮੇਵਾਰ ਹੈ, ਉੱਥੇ ਹੀ ਸਾਡੇ ਦੇਸ਼ ਦੇ ਸਿਆਸਤਦਾਨ ਵੀ ਜ਼ਿੰਮੇਵਾਰ ਹਨ, ਜੋ ਅਪਰਾਧੀਆਂ ਦੇ ਪੱਖ ਪੂਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਪਹਿਲਵਾਨਾਂ ਦਾ ਅੰਦੋਲਨ ਇਸ ਦੀ ਪ੍ਰਤੱਖ ਮਿਸਾਲ ਹੈ।
ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਘਟਨਾਵਾਂ ਦੀ ਨਿਆਂਇਕ ਪੜਤਾਲ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੂਤ ਮਿਟਾਉਣ ਵਾਲੇ ਰੈਕਟ ਦਾ ਪਰਦਾਫਾਸ਼ ਕਰ ਕੇ, ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ। ਆਗੂਆਂ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।
ਇਸ ਮੌਕੇ ਪੀਐੱਸਯੂ ਦੇ ਸੁਰੱਈਆ ਸ਼ੇਖ਼, ਭਾਰਤੀ ਮਲਹੋਤਰਾ, ਦੀਪ ਘੁੰਮਣ, ਸੋਨੀ ਬੰਗੀ, ਜਸਦੀਪ ਜਿਯਾ, ਰਮਨਦੀਪ ਕੌਰ, ਗੁਰਵਿੰਦਰ ਸਿੰਘ ਅਤੇ ਸਮਾਜ ਸੇਵੀ ਪ੍ਰਿੰਸੀਪਲ ਵੀਨੂੰ ਗੋਇਲ ਨੇ ਵੀ ਸੰਬੋਧਨ ਕੀਤਾ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਵਿੱਚ ਕੋਲਕਾਤਾ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਲਈ ਰੋਸ ਰੈਲੀ ਉਪਰੰਤ ਕਾਲਜ ਦੇ ਗੇਟ ਤੱਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਅਤੇ ਮਮਤਾ ਆਜ਼ਾਦ, ਆਰਤੀ, ਵੰਦਨਾ ਅਤੇ ਪੀਐੱਸਯੂ ਦੇ ਸਾਬਕਾ ਜ਼ਿਲ੍ਹਾ ਆਗੂ ਰਾਜਵਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਇਸ ਕੇਸ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਵੱਲੋਂ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਬਰੇਟਾ (ਪੱਤਰ ਪ੍ਰੇਰਕ): ਕੋਲਕਾਤਾ ਘਟਨਾ ਦੇ ਵਿਰੋਧ ਵਿੱਚ ਇੱਥੋਂ ਦੇ ਹਿੰਦੂ ਸੁਰੱਖਿਆ ਪਰਿਸ਼ਦ ਅਤੇ ਬਜਰੰਗ ਦਲ ਦੇ ਆਗੂ ਪੁਨੀਤ ਗੋਇਲ, ਰਾਜਿੰਦਰ ਸ਼ਰਮਾ, ਬੱਦਰੀ ਪ੍ਰਸਾਦ, ਅੰਗਰੇਜ਼ ਸਿੰਘ, ਪੁਨੀਤ ਕੁਮਾਰ, ਗੋਲਡੀ, ਸ਼ੰਟੀ ਸਿੰਘ ਆਦਿ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੀਤਾ ਗਿਆ। ਇਸ ਦੌਰਾਨ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ।
ਫਾਜਿਲਕਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੋਲਕਾਤਾ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਐਮਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਆਗੂ ਮਮਤਾ ਲਾਧੂਕਾ, ਕਮਲਜੀਤ ਮੁਹਾਰਖੀਵਾ ਨੇ ਕਿਹਾ ਕਿ ਕੋਲਕਾਤਾ ਵਿੱਚ ਵਾਪਰੀ ਘਟਨਾ ਖ਼ਿਲਾਫ਼ ਪੂਰੇ ਭਾਰਤ ਦੇ ਲੋਕਾਂ ਵਿੱਚ ਰੋਸ ਹੈ। ਇਸ ਦੇ ਬਵਜੂਦ ਸਰਕਾਰ ਘਟਨਾ ਦੇ ਸਮੂਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਨੇਕਾਂ ਵਾਰ ਔਰਤਾਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਕੋਲਕਾਤਾ ਕਾਂਡ ਦੇ ਵਿਰੋਧ ਵਿੱਚ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਅਤੇ ਕੇਂਦਰ ਤੇ ਪੱਛਮੀ ਬੰਗਾਲ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਹਿਲਾ ਡਾਕਟਰ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
ਜੈਤੋ (ਪੱਤਰ ਪ੍ਰੇਰਕ): ਬਿਜਲੀ ਦਫ਼ਤਰ ਜੈਤੋ ਵਿੱਚ ਠੇਕਾ ਆਧਾਰਤ ਕਾਮਿਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜਬਰ-ਜਨਾਹ ਅਤੇ ਹੱਤਿਆ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕਰਦਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪੁਤਲੇ ਸਾੜੇ। ਠੇਕਾ ਕਰਮਚਾਰੀਆਂ ਦੇ ਆਗੂ ਇਕਬਾਲ ਸਿੰਘ ਪੂਹਲਾ ਨੇ ਮੰਗ ਕੀਤੀ ਕਿ ਇਸ ਵਹਿਸ਼ੀ ਕਾਰੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਇਨਸਾਫ਼ ਦੀ ਮੰਗ ਲਈ ਕੈਮਿਸਟਾਂ ਨੇ ਰੋਸ ਮਾਰਚ ਕੀਤਾ
ਅਬੋਹਰ (ਪੱਤਰ ਪ੍ਰੇਰਕ): ਪੱਛਮੀ ਬੰਗਾਲ ਦੀ ਮ੍ਰਿਤਕ ਡਾਕਟਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲਈ ਅਬੋਹਰ ਦੀ ਕੈਮਿਸਟ ਐਸੋਸੀਏਸ਼ਨ ਵੱਲੋਂ ਮੰਗਲਵਾਰ ਨੂੰ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਤੋਂ ਬਾਅਦ ਕੈਮਿਸਟਾਂ ਨੇ ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਧਰਨੇ ਵਿੱਚ ਮੈਡੀਕਲ ਪ੍ਰਤੀਨਿਧੀਆਂ ਨੇ ਵੀ ਸਹਿਯੋਗ ਦਿੱਤਾ। ਹੋਲਸੇਲ ਐਂਡ ਰਿਟੇਲ ਕੈਮਿਸਟ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਅਰਜੁਨ ਡੇਮਲਾ, ਹੋਲਸੇਲ ਯੂਨੀਅਨ ਦੇ ਪ੍ਰਧਾਨ ਦੇਵੇਂਦਰ ਚਾਵਲਾ, ਜਨਰਲ ਸਕੱਤਰ ਰੁਦਰਦੇਵ ਗੁੰਬਰ ਅਤੇ ਨਰੇਸ਼ ਕਮਾਰ ਨੇ ਕਿਹਾ ਕਿ ਸਾਡੇ ਮੁਲਕ ਵਿੱਚ ਲੋਕਾਂ ਦੀ ਜਾਨ ਬਚਾਉਣ ਵਾਲੇ ਡਾਕਟਰ ਵੀ ਸੁਰੱਖਿਅਤ ਨਹੀਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਅਰੁਣ ਨਾਰੰਗ ਨੂੰ ਮੰਗ ਪੱਤਰ ਸੌਂਪਦਿਆਂ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਦੇਣ ਲਈ ਵੀ ਅਪੀਲ ਕੀਤੀ ਗਈ। ਸ੍ਰੀ ਨਾਰੰਗ ਨੇ ਕਿਹਾ ਕਿ ਉਹ ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣਗੇ ਅਤੇ ਇਨ੍ਹਾਂ ਸਾਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕਰਨਗੇ।

Advertisement

Advertisement
Advertisement
Author Image

Advertisement