ਕੋਲਕਾਤਾ ਕਾਂਡ: ਪੀਐੱਸਯੂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਵਿਦਿਆਰਥੀ ਪਿਛਲੇ ਦਿਨੀਂ ਕੋਲਕਾਤਾ ਵਿੱਚ ਟਰੇਨੀ ਡਾਕਟਰ ਨਾਲ ਬਲਾਤਕਾਰ ਮਗਰੋਂ ਕੀਤੇ ਕਤਲ ਦੀ ਘਟਨਾ ਵਿਰੁੱਧ ਰੋਸ ਜਿਤਾ ਰਹੇ ਸਨ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ’ਚ ਅੰਦੋਲਨ ’ਤੇ ਚੱਲ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੀ ਹਮਾਇਤ ’ਤੇ ਆਉਂਦਿਆਂ ਕਾਲਜ ਇੰਚਾਰਜ ਨੂੰ ਇੱਕ ਮੰਗ ਪੱਤਰ ਦੇ ਕੇ ਕਾਲਜ ਅਧਿਆਪਕਾਂ ਦੇ ਮਸਲੇ ਨੂੰ ਫੌਰੀ ਹੱਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੌਕੇ ਗੁਰਦਾਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕੋਲਕਾਤਾ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਅਤੇ ਔਰਤਾਂ ਦੇ ਕੰਮਕਾਜ ਵਾਲੀਆਂ ਥਾਵਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਬਾਘਾ ਪੁਰਾਣਾ (ਪੱਤਰ ਪ੍ਰੇਰਕ ): ਕੋਲਕਾਤਾ ਕਾਂਡ ਖ਼ਿਲਾਫ਼ ਇਥੇ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਹੋਰਨਾਂ ਅਨੇਕਾਂ ਜਥੇਬੰਦੀਆਂ ਵੱਲੋਂ ਮੋਮਬੱਤੀ ਮਾਰਚ ਕੀਤਾ ਗਿਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ।
ਬਰਨਾਲਾ (ਖੇਤਰੀ ਪ੍ਰਤੀਨਿਧ): ਕੋਲਕਾਤਾ ਕਾਂਡ ਦੀ ਪੀੜਤਾ ਮਰਹੂਮ ਡਾਕਟਰ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਸਥਾਨਕ ਯੂਨੀਵਰਸਿਟੀ ਕਾਲਜ ਵਿੱਚ ਪ੍ਰਿੰਸੀਪਲ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵੱਲੋਂ ਸ਼ਹਿਰ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਸ ਮੌਕੇ ਤਰਨਪ੍ਰੀਤ ਸਿੰਘ ,ਅਰਸ਼ਦੀਪ ਸਿੰਘ, ਇੰਦਰਪ੍ਰੀਤ ਸਿੰਘ, ਮਨਪ੍ਰੀਤ ਕੌਰ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਕੋਲਕਾਤਾ ਕਾਂਡ ਦੇ ਕਸੂਰਵਾਰਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗਗਨਦੀਪ ਕੌਰ ਅਤੇ ਆਇਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ।
ਵਕੀਲਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਕੋਲੋਂ ‘ਕਲਕੱਤਾ ਜਬਰ-ਜਿਨਾਹ ਤੇ ਕਤਲ ਕਾਂਢ’ ਦੇ ਦੋਸ਼ੀਆਂ ਲਈ ਸਖਤ ਕਾਨੂੰਨੀ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਮੰਗ ਕਰਦਿਆਂ ਡੀਸੀ ਰਾਜੇਸ਼ ਤ੍ਰਿਪਾਠੀ ਰਾਹੀਂ ਇਕ ਮੰਗ ਪੱਤਰ ਭੇਜਿਆ ਹੈ। ਬਾਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਭੁਪਿੰਦਰ ਸਿੰਘ ਚੜ੍ਹੇਵਾਨ ਦੀ ਅਗਵਾਈ ਹੇਠ ਵਫ਼ਦ ਵਿੱਚ ਐਡਵੋਕੇਟ ਅਸ਼ੀਸ਼ ਗਰਗ, ਗੁਰਦੇਵ ਸਿੰਘ ਬਰਾੜ, ਸੁਰਿੰਦਰ ਸਿੰਘ ਬਰਾੜ ਸ਼ਾਮਲ ਸਨ। ਡੀਸੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਉਹ ਮੰਗ ਪੱਤਰ ਸਰਕਾਰ ਤੱਕ ਪਹੁੰਚਦਾ ਕਰਨਗੇ। ਇਸੇ ਦੌਰਾਨ ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿੱਚ ਨੌਜਵਾਨ ਭਾਰਤ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ।