ਕੋਟਕਪੂਰਾ-ਬਹਬਿਲ ਗੋਲੀ ਕਾਂਡ: ਉਮਰਾਨੰਗਲ ਵੱਲੋਂ ਚਲਾਨ ਰੱਦ ਕਰਨ ਲਈ ਅਰਜ਼ੀ ਦਾਖ਼ਲ
ਜਸਵੰਤ ਜੱਸ
ਫਰੀਦਕੋਟ, 6 ਫਰਵਰੀ
ਕੋਟਕਪੂਰਾ ਅਤੇ ਬਹਬਿਲ ਗੋਲੀ ਕਾਂਡ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਆਪਣੇ ਹੁਕਮ ਵਿੱਚ ਸਪਸ਼ਟ ਕੀਤਾ ਕਿ ਕਿਸੇ ਵੀ ਧਿਰ ਨੂੰ ਇਨ੍ਹਾਂ ਕੇਸਾਂ ਦੀ ਸੁਣਵਾਈ ਲਮਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਬੇਲੋੜੀਆਂ ਤਰੀਕਾਂ ਮੰਗੀਆਂ ਹਨ ਜੋ ਵਾਜਬ ਨਹੀਂ। ਇਸੇ ਦਰਮਿਆਨ ਇਨ੍ਹਾਂ ਕੇਸਾਂ ਵਿੱਚ ਮੁਲਜ਼ਮ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਸ ਖ਼ਿਲਾਫ਼ ਕੋਟਕਪੂਰਾ ਤੇ ਬਹਬਿਲ ਗੋਲੀ ਕਾਂਡ ਵਿੱਚ ਪੇਸ਼ ਕੀਤੇ ਗਏ ਚਲਾਨਾਂ ਨੂੰ ਰੱਦ ਕੀਤਾ ਜਾਵੇ। ਇਸ ਤੋਂ ਪਹਿਲਾਂ ਫਰੀਦਕੋਟ ਤੇ ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਨੇ ਵੀ ਆਪਣੇ ਖ਼ਿਲਾਫ਼ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ। ਇਨ੍ਹਾਂ ਕੇਸਾਂ ਦੀ ਸੁਣਵਾਈ ਅਦਾਲਤ 13 ਫਰਵਰੀ ਨੂੰ ਕਰੇਗੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਵੱਲੋਂ ਦਾਇਰ ਅਰਜ਼ੀ ਦਾ ਜਵਾਬ ਅਗਲੀ ਸੁਣਵਾਈ ਤੋਂ ਪਹਿਲਾਂ ਪੇਸ਼ ਕਰਨ ਦਾ ਆਦੇਸ਼ ਦਿੱਤਾ। ਸੁਣਵਾਈ ਦੌਰਾਨ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਅਦਾਲਤ ਵਿੱਚ ਹਾਜ਼ਰ ਰਹੇ ਜਦਕਿ ਸੁਖਬੀਰ ਸਿੰਘ ਬਾਦਲ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਬਾਕੀ ਮੁਲਜ਼ਮਾਂ ਨੇ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਭੁਗਤੀ।