ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਘੇਰੀ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਅਗਸਤ
ਇਥੋਂ ਦੀ ਹਾਊਸਿੰਗ ਬੋਰਡ ਦੇ ਫਲੈਟਾਂ ’ਚ ਆਰਜ਼ੀ ਤੌਰ ’ਤੇ ਵਸਾਏ ਗਏ ਲੋਕਾਂ ਨੇ ਬੁਨਿਆਦੀ ਸਹੂਲਤਾਂ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਲਈ ਧਰਨਾ ਦਿੱਤਾ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਕਿਸਾਨ ਚੌਕ ’ਤੇ ਸਰਕਾਰ ਦਾ ਪੁਤਲਾ ਫੂਕਿਆ। ਬਾਅਦ ’ਚ ਪ੍ਰਦਰਸ਼ਨਕਾਰੀਆਂ ਨੇ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਹਾਊਸਿੰਗ ਬੋਰਡ ਫਲੈਟਾਂ ’ਚ ਆਰਜ਼ੀ ਤੌਰ ’ਤੇ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਈਆਂ ਗਈਆਂ ਤੇ ਉਨ੍ਹਾਂ ਦੀ ਪੱਕੀ ਰਿਹਾਇਸ਼ ਲਈ ਪਲਾਟ ਨਾ ਦਿੱਤੇ ਗਏ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਜ਼ਿਕਰਯੋਗ ਹੈ ਕਿ ਪੁਰਾਤਤਵ ਵਿਭਾਗ ਵੱਲੋਂ ਥੇੜ੍ਹ ਦੀ ਖੁਦਾਈ ਕਰਕੇ ਥੇੜ੍ਹ ਦੇ ਇਤਿਹਾਸ ਬਾਰੇ ਪਤਾ ਲਾਉਣ ਲਈ ਹਾਈ ਕੋਰਟ ਦੇ ਹੁਕਮਾਂ ’ਤੇ ਛੇ ਸਾਲ ਪਹਿਲਾਂ ਕਰੀਬ 780 ਪਰਿਵਾਰਾਂ ਨੂੰ ਆਰਜ਼ੀ ਤੌਰ ’ਤੇ ਹਾਊਸਿੰਗ ਬੋਰਡ ਦੇ ਫਲੈਟ ਮੁਹੱਈਆ ਕਰਵਾਏ ਗਏ ਸਨ।