ਕੋਟਲੀ ਵੱਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਸਿੰਧੀਆ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਜਲੰਧਰ, 5 ਅਗਸਤ
ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਭਾਰਤ ਸਰਕਾਰ ਦੇ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਲੰਮੇ ਸਮੇਂ ਤੋਂ ਬੰਦ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਵਾਈ ਅੱਡੇ ਤੋਂ ਜਲਦ ਤੋਂ ਜਲਦ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਕਰਨ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਦੁਆਬੇ ਦੇ ਲੋਕਾਂ ਦੀ ਸਮੱਸਿਆ ਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਸ੍ਰੀ ਸਿੰਧੀਆ ਦੇ ਧਿਆਨ ਵਿੱਚ ਲਿਆਂਦਾ ਕਿ ਦੇਸ਼ ਦੇ ਕਰੋੜਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰ ਕੇ ਮੰਗ ਕੀਤੀ ਸੀ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਿਆ ਜਾਵੇ। ਵਿਧਾਇਕ ਕੋਟਲੀ ਨੇ ਇਸ ਮਤੇ ਦੀ ਪ੍ਰੋੜਤਾ ਕਰਦਿਆਂ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਣ ਦੀ ਅਪੀਲ ਕੀਤੀ। ਹਵਾਬਾਜ਼ੀ ਮੰਤਰੀ ਸ੍ਰੀ ਸਿੰਧੀਆ ਨੇ ਵਿਧਾਇਕ ਕੋਟਲੀ ਦਾ ਪੱਖ ਸੁਣਿਆ ਅਤੇ ਜਲਦੀ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਗਲੇ 2-3 ਮਹੀਨਿਆਂ ਦੌਰਾਨ ਹਵਾਈ ਅੱਡੇ ਤੋਂ ਫਲਾਈਟਾਂ ਸ਼ੁਰੂ ਹੋ ਜਾਣਗੀਆਂ।