For the best experience, open
https://m.punjabitribuneonline.com
on your mobile browser.
Advertisement

ਕੁਲਰੀਆਂ ਵਿਵਾਦ: ਕਿਸਾਨਾਂ ਨੇ ਐੱਸਐੱਸਪੀ ਤੇ ਡੀਸੀ ਦਫ਼ਤਰ ਘੇਰਿਆ

10:51 AM Apr 03, 2024 IST
ਕੁਲਰੀਆਂ ਵਿਵਾਦ  ਕਿਸਾਨਾਂ ਨੇ ਐੱਸਐੱਸਪੀ ਤੇ ਡੀਸੀ ਦਫ਼ਤਰ ਘੇਰਿਆ
ਮਾਨਸਾ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮਨਜੀਤ ਸਿੰਘ ਧਨੇਰ। -ਫੋਟੋ:ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਪਰੈਲ
ਪਿੰਡ ਕੁਲਰੀਆਂ ਦੀ ਵਿਵਾਦਤ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਮਾਨਸਾ ਦੇ ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਇਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਪੀੜਤ ਕਿਸਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਪੱਕੇ ਮੋਰਚੇ ਤੋਂ ਗੁਰੇਜ਼ ਨਹੀਂ ਕਰੇਗੀ। ਜਥੇਬੰਦੀ ਸੂਬਾਈ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕੁਲਰੀਆਂ ਦੇ ਕਿਸਾਨਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਥੇਬੰਦੀ ਇੱਕ ਸਾਲ ਤੋਂ ਲਗਾਤਾਰ ਜਬਤਬੱਧ ਤਰੀਕੇ ਨਾਲ ਸੰਘਰਸ਼ ਲੜ ਰਹੀ ਹੈ, ਜਿਸ ਦੌਰਾਨ ਕਿਸਾਨਾਂ ’ਤੇ ਦੋ ਵਾਰ ਜਾਨਲੇਵਾ ਹਮਲੇ ਹੋਏ ਹਨ, ਪਰ ਪੁਲੀਸ ਵੱਲੋਂ ਸਿਆਸੀ ਗੱਠਜੋੜ ਦੇ ਚੱਲਦਿਆਂ ਕਸੂਰਵਾਰਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਲਟਾ ਪਿੰਡ ਕੁਲਰੀਆਂ ਦੇ ਕਿਸਾਨਾਂ ਅਤੇ ਜਥੇਬੰਦਕ ਆਗੂਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਕਿਸਾਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਥਾਂ ਜਬਰ ਦਾ ਫੜਿਆ ਰਾਹ ਸਰਕਾਰ ਨੂੰ ਮਹਿੰਗਾ ਪਵੇਗਾ। ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਬਲਵੰਤ ਸਿੰਘ ਉੱਪਲੀ, ਮਹਿੰਦਰ ਸਿੰਘ ਦਿਆਲਪੁਰਾ, ਲਖਵੀਰ ਸਿੰਘ ਅਕਲੀਆ, ਹਰਮੰਡਲ ਸਿੰਘ ਜੋਧਪੁਰ ਤੇ ਹਰਵਿੰਦਰ ਸਿੰਘ ਕੋਟਲੀ ਆਦਿ ਨੇ ਵੀ ਸੰਬੋਧਨ ਕੀਤਾ।

Advertisement

ਪੁਲੀਸ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ

ਜਥੇਬੰਦੀ ਅਨੁਸਾਰ ਧਰਨੇ ਦੌਰਾਨ ਪੁਲੀਸ ਪ੍ਰਸ਼ਾਸਨ ਨਾਲ ਗੱਲਬਾਤ ਚੱਲਦੀ ਰਹੀ ਅਤੇ ਆਖਰ ਕਿਸਾਨਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਡੀਐੱਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਧਰਨੇ ਵਿੱਚ ਆ ਕੇ ਐਲਾਨ ਕੀਤਾ ਕਿ ਕਿਸਾਨ ਸੀਤਾ ਸਿੰਘ ਕੁਲਰੀਆਂ ’ਤੇ ਹਮਲਾ ਕਰਨ ਵਾਲੇ ਵਿਅਕਤੀ ਦੇ ਸਰਗਨੇ ਸਰਪੰਚ ਖਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਦਾ ਵਾਧਾ ਕਰਦਿਆਂ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨਣ ਦਾ ਐਲਾਨ ਵੀ ਕੀਤਾ।

Advertisement
Author Image

sukhwinder singh

View all posts

Advertisement
Advertisement
×