ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਥੱਪੜ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੁਲਵਿੰਦਰ ਦੀ ਹਮਾਇਤ

07:27 AM Jun 08, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 7 ਜੂਨ
ਚੰਡੀਗੜ੍ਹ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੀ ਘਟਨਾ ਮਗਰੋਂ ਪੰਜਾਬ ਦਾ ਸਿਆਸੀ ਮਾਹੌਲ ਭਖ਼ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੇ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀਆਈਐੱਸਐਫ) ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਦੀ ਹਮਾਇਤ ਕਰਦਿਆਂ 9 ਜੂਨ ਨੂੰ ਮੁਹਾਲੀ ਵਿਚ ਇਨਸਾਫ਼ ਮਾਰਚ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਅੱਜ ਵਫ਼ਦ ਨੇ ਡੀਜੀਪੀ ਨਾਲ ਮੀਟਿੰਗ ਕੀਤੀ ਅਤੇ ਇਸ ਮਾਮਲੇ ਦੀ ਜਾਂਚ ਮੰਗੀ ਹੈ। ਸੀਆਈਐੱਸਐੱਫ ਦੇ ਡੀਆਈਜੀ (ਏਅਰਪੋਰਟ, ਉੱਤਰੀ ਸੈਕਟਰ) ਵਿਨੈ ਕਜਲਾ ਨੇ ਅੱਜ ਹਵਾਈ ਅੱਡੇ ਦਾ ਦੌਰਾ ਕਰ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੰਜਾਬ ਪੁਲੀਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੇਤੇ ਰਹੇ ਕਿ ਲੰਘੇ ਦਿਨ ਚੰਡੀਗੜ੍ਹ ਹਵਾਈ ਅੱਡੇ ’ਤੇ ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਦੀ ਸੁਰੱਖਿਆ ਜਾਂਚ ਕੀਤੀ ਜਾ ਰਹੀ ਸੀ। ਕੰਗਨਾ ਨੇ ਖ਼ੁਦ ਹੀ ਲਾਈਵ ਹੋ ਕੇ ਕਿਹਾ ਸੀ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਦੇ ਥੱਪੜ ਮਾਰਿਆ ਹੈ। ਅੱਜ ਉਸ ਦੀ ਭੈਣ ਰੰਗੋਲੀ ਚੰਦੇਲ ਨੇ ਵੀ ਬਲਦੀ ’ਤੇ ਤੇਲ ਪਾ ਦਿੱਤਾ ਹੈ। ਰੰਗੋਲੀ ਨੇ ਕੁਲਵਿੰਦਰ ਕੌਰ ਨੂੰ ਖਾਲਿਸਤਾਨੀ ਦੱਸਿਆ ਹੈ ਅਤੇ ਕਿਸਾਨ ਅੰਦੋਲਨ ਨੂੰ ਖਾਲਿਸਤਾਨੀਆਂ ਦਾ ਅੱਡਾ ਵੀ ਦੱਸਿਆ ਹੈ। ਕੰਗਨਾ ਅਤੇ ਉਸ ਦੀ ਭੈਣ ਦੀ ਇਸ ਬੋਲਬਾਣੀ ਤੋਂ ਪੰਜਾਬ ਵਾਸੀਆਂ ’ਚ ਰੋਹ ਹੈ। ਥੱਪੜ ਮਾਰੇ ਜਾਣ ਦੀ ਕੋਈ ਹਮਾਇਤ ਨਹੀਂ ਕਰ ਰਿਹਾ ਪਰ ਉਸ ਤੇ ਉਸ ਦੀ ਭੈਣ ਵੱਲੋਂ ਸਮੁੱਚੇ ਪੰਜਾਬ ਨੂੰ ਖਾਲਿਸਤਾਨੀ ਰੰਗ ਦੇਣ ਤੋਂ ਸਿਆਸੀ ਧਿਰਾਂ ਵੀ ਔਖ ਵਿੱਚ ਆ ਗਈਆਂ ਹਨ। ਕੁਲਵਿੰਦਰ ਕੌਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਹੀਂਵਾਲ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਭਰਾ ਸ਼ੇਰ ਸਿੰਘ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਆਗੂ ਹੈ। ਕੁਲਵਿੰਦਰ ਕੌਰ 16 ਸਾਲ ਤੋਂ ਨੌਕਰੀ ਵਿੱਚ ਹੈ ਪਰ ਪਹਿਲਾਂ ਕਦੇ ਵੀ ਉਸ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਆਈ। ਉਸ ਦੀ ਮਾਂ ਵੀਰਪਾਲ ਕੌਰ ਦਾ ਕਹਿਣਾ ਹੈ ਕਿ ਉਸ ਦੀ ਬੇਟੀ ਇਸ ਤਰ੍ਹਾਂ ਦੀ ਨਹੀਂ ਹੈ ਅਤੇ ਕੰਗਨਾ ਨੇ ਜ਼ਰੂਰ ਉਸ ਦੀ ਬੇਟੀ ਨੂੰ ਉਕਸਾਇਆ ਹੋਵੇਗਾ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਹਿੰਸਾ ਦਾ ਸਮਰਥਨ ਨਹੀਂ ਕਰਦੇ ਹਨ ਪਰ ਕਿਸਾਨਾਂ ਦੀ ਪੀੜ ਹਾਲੇ ਵੀ ਪੰਜਾਬੀਆਂ ਦੇ ਮਨ ’ਚ ਹੈ। ਇਸ ਕਰ ਕੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੁਣਿਆ ਜਾਣਾ ਚਾਹੀਦਾ ਹੈ।

Advertisement

ਮੁਹਾਲੀ ਵਿੱਚ ਕੰਗਨਾ ਰਣੌਤ ਮਾਮਲੇ ਬਾਰੇ ਚਰਚਾ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ।

ਕੰਗਨਾ ਖ਼ਿਲਾਫ਼ ਕਾਰਵਾਈ ਹੋਵੇ: ਡੱਲੇਵਾਲ

ਐੱਸਕੇਐੱਮ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੰਗਨਾ ਰਣੌਤ ਨੇ ਕੁਲਵਿੰਦਰ ਕੌਰ ਦੀ ਡਿਊਟੀ ਵਿਚ ਵਿਘਨ ਪਾਇਆ ਹੈ ਜਿਸ ਕਰਕੇ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਕੁਲਵਿੰਦਰ ਕੌਰ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ। ਆਗੂਆਂ ਨੇ ਦੱਸਿਆ ਕਿ ਡੀਜੀਪੀ ਨੇ ਨਿਆਂ ਦੇਣ ਦਾ ਭਰੋਸਾ ਦਿੱਤਾ ਹੈ।

ਪੁਲੀਸ ਵੱਲੋਂ ਜ਼ਮਾਨਤਯੋਗ ਧਾਰਾਵਾਂ ਤਹਿਤ ਕੇਸ ਦਰਜ

ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਸੀਆਈਐੱਸਐੱਫ਼ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੱਲੋਂ ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਥੱਪੜ ਮਾਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਜ਼ਮਾਨਤਯੋਗ ਧਾਰਾਵਾਂ 323 ਅਤੇ 341 ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਦੇ ਇਸ ਬਿਆਨ ’ਤੇ ਟਿੱਪਣੀ ਕਰਦਿਆਂ ਕਿਸਾਨ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇ ਪੁਲੀਸ ਨੇ ਮਹਿਲਾ ਸਿਪਾਹੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਤਾਂ ਘਟਨਾ ਤੋਂ ਬਾਅਦ ਉਹ ਕਿੱਥੇ ਹੈ, ਉਸ ਦਾ ਪਤੀ ਅਤੇ ਬੱਚੇ ਕਿੱਥੇ ਹਨ, ਉਹ ਸੁਰੱਖਿਅਤ ਵੀ ਹਨ ਜਾਂ ਨਹੀਂ। ਉਧਰ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੀਟਿੰਗ ਕਰਕੇ ਸਮੁੱਚੇ ਘਟਨਾਕ੍ਰਮ ’ਤੇ ਚਰਚਾ ਕੀਤੀ। ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਲੱਖੋਵਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਮਹਿਲਾ ਸਿਪਾਹੀ ਨੂੰ ਸਮਰਥਨ ਦਾ ਐਲਾਨ ਵੀ ਕੀਤਾ। ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬੀਆਂ ਨੂੰ ਅਤਿਵਾਦੀ ਅਤੇ ਖਾਲਿਸਤਾਨੀ ਕਹਿ ਕੇ ਸੰਬੋਧਨ ਕਰਨ ਵਾਲੀ ਭਾਜਪਾ ਦੀ ਸੰਸਦ ਮੈਂਬਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ, ਭਾਈ ਜਸਵਿੰਦਰ ਸਿੰਘ ਆਦਿ ਨੇ ਕੁਲਵਿੰਦਰ ਕੌਰ ਨੂੰ ਤੁਰੰਤ ਨੌਕਰੀ ’ਤੇ ਬਹਾਲ ਕਰਨ ਦੀ ਅਪੀਲ ਕੀਤੀ ਹੈ।

Advertisement

ਮਾਨਸਾ ਦੇ ਐਡਵੋਕੇਟ ਵੱਲੋਂ ਕੁਲਵਿੰਦਰ ਕੌਰ ਦਾ ਕੇਸ ਬਿਨਾਂ ਫੀਸ ਤੋਂ ਲੜਨ ਦਾ ਐਲਾਨ

ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਐਡਵੋਕੇਟ ਜਸਵੰਤ ਸਿੰਘ ਗਰੇਵਾਲ ਨੇ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਹਵਾਈ ਅੱਡੇ ’ਤੇ ਭਾਜਪਾ ਦੇ ਨਵੇਂ ਬਣੇ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਉਸ ਦਾ ਕੇਸ ਬਿਨਾਂ ਕਿਸੇ ਫੀਸ ਤੋਂ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਵਿਸ਼ੇਸ਼ ਕਰ ਕੇ ਔਰਤਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣਾ ਕੰਗਨਾ ਰਣੌਤ ਦੀ ਆਦਤ ਬਣ ਗਈ ਹੈ। ਉਹ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੀਆਂ ਗਲਤ ਟਿੱਪਣੀਆਂ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਨੇ ਜੋ ਵੀ ਕੀਤਾ, ਆਪਣੇ ਬਚਾਅ ਵਿੱਚ ਹੀ ਕੀਤਾ। ਗਰੇਵਾਲ ਨੇ ਕਿਹਾ ਕਿ ਉਹ ਪੜਤਾਲ ਕਰਨ ਲਈ ਚੰਡੀਗੜ੍ਹ ਜਾ ਰਹੇ ਹਨ। ਤੱਥਾਂ ਦੀ ਪੜਤਾਲ ਕਰ ਕੇ ਉਸ ਲੜਕੀ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਕੀਲ ਭਾਈਚਾਰੇ ਨੂੰ ਵੀ ਕੁਲਵਿੰਦਰ ਕੌਰ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

Advertisement