ਕੁੰਭੜਾ ਕਤਲ ਕਾਂਡ: ਮੁਹਾਲੀ ਏਅਰਪੋਰਟ ਸੜਕ ’ਤੇ ਆਵਾਜਾਈ ਬਹਾਲ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਨਵੰਬਰ
ਪਿੰਡ ਕੁੰਭੜਾ ਦੇ ਨੌਜਵਾਨ ਦਮਨਪ੍ਰੀਤ ਸਿੰਘ (17) ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਲਾਇਆ ਧਰਨਾ ਅੱਜ ਤੀਜੇ ਦਿਨ ਖ਼ਤਮ ਹੋ ਗਿਆ। ਪੀੜਤ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ਼ ਪ੍ਰਾਪਤੀ ਲਈ ਦਮਨਪ੍ਰੀਤ ਲਾਸ਼ ਸੜਕ ’ਤੇ ਰੱਖ ਕੇ ਤਿੰਨਾਂ ਤੋਂ ਧਰਨੇ ’ਤੇ ਬੈਠੇ ਸਨ ਪਰ ਪੁਲੀਸ ਵੱਲੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲੈਣ ਤੋਂ ਬਾਅਦ ਧਰਨਾ ਚੁੱਕਿਆ ਗਿਆ ਅਤੇ ਇਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਆਮ ਦਿਨਾਂ ਵਾਂਗ ਮੁਹਾਲੀ ਏਅਰਪੋਰਟ ਸੜਕ ’ਤੇ ਆਵਾਜਾਈ ਸ਼ੁਰੂ ਹੋ ਸਕੀ।
ਕੁੰਭੜਾ ਤੋਂ ਸੈਕਟਰ-78 ਤੇ 79 ਸੜਕ, ਰਾਏਪੁਰ ਤੋਂ ਸਿੱਧਾ ਮੁਹਾਲੀ ਆਉਣ ਵਾਲੀ ਸੜਕ, ਸੋਹਾਣਾ ਤੋਂ ਏਅਰਪੋਰਟ ਅਤੇ ਏਅਰਪੋਰਟ ਤੋਂ ਬਲੌਂਗੀ ਜਾਣ ਵਾਲੀ 200 ਫੁੱਟ ਮੁੱਖ ਸੜਕ ’ਤੇ ਤਿੰਨ ਦਿਨਾਂ ਤੋਂ ਆਵਾਜਾਈ ਪ੍ਰਭਾਵਿਤ ਸੀ। ਇਸ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਦੀ ਸਹੂਲਤ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਸਨ ਪਰ ਅੱਜ ਇਸ ਸੜਕ ’ਤੇ ਆਵਾਜਾਈ ਬਹਾਲ ਹੋ ਗਈ ਹੈ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਫ਼ਰਾਰ ਦੋਵੇਂ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੁੰਭੜਾ ਸਮੇਤ ਨਗਰ ਨਿਗਮ ਅਧੀਨ ਆਉਂਦੇ ਛੇ ਪਿੰਡਾਂ ਅਤੇ ਸ਼ਹਿਰ ਵਿੱਚ ਹੋਰਨਾਂ ’ਤੇ ਅਣਅਧਿਕਾਰਤ ਪੀਜੀ ਖ਼ਿਲਾਫ਼ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਿਆ ਜਾਵੇ ਅਤੇ ਪੀਜੀ ਸਮੇਤ ਘਰਾਂ ਵਿੱਚ ਰੱਖੇ ਕਿਰਾਏਦਾਰਾਂ ਖ਼ਾਸ ਕਰ ਕੇ ਬਾਹਰਲੇ ਸੂਬਿਆਂ ਦੇ ਵਿਅਕਤੀਆਂ ਦੀ ਪੁਲੀਸ ਵੈਰੀਫ਼ਿਕੇਸ਼ਨ ਯਕੀਨੀ ਬਣਾਈ ਜਾਵੇ। ਡੀਐੱਸਪੀ ਬੱਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੀਜੀ ਅਤੇ ਘਰਾਂ ਵਿੱਚ ਰਹਿੰਦੇ ਕਿਰਾਏਦਾਰਾਂ ਦੀ ਵੈਰੀਫ਼ਿਕੇਸ਼ਨ ਕਰਨ ਲਈ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾਵੇਗਾ।
ਸੂਬੇ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ: ਪ੍ਰਤਾਪ ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਮਨਪ੍ਰੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਹਮਲਾਵਰਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸਰਕਾਰਾਂ ਨੂੰ ਜੁਰਮ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਸਿੱਧੂ ਦੇ ਪੁੱਤਰ ਵੱਲੋਂ ਮੁਫ਼ਤ ਕੇਸ ਲੜਨ ਦਾ ਐਲਾਨ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਪੁੱਤਰ ਅਤੇ ਸੀਨੀਅਰ ਯੂਥ ਆਗੂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਉਹ ਅਦਾਲਤ ਵਿੱਚ ਮੁਫ਼ਤ ਕੇਸ ਲੜਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਮਨਪ੍ਰੀਤ ਗ਼ਰੀਬ ਪਰਿਵਾਰ ਨਾਲ ਸਬੰਧਤ ਸੀ। ਅਜਿਹੇ ਵਿੱਚ ਪਰਿਵਾਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਲੋੜ ਹੈ।