For the best experience, open
https://m.punjabitribuneonline.com
on your mobile browser.
Advertisement

ਕੁੰਵਰ ਵਿਜੈ ਪ੍ਰਤਾਪ ਦੇ ਆਪਣੀ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਸਹੀ: ਬਾਜਵਾ

08:02 AM Apr 16, 2024 IST
ਕੁੰਵਰ ਵਿਜੈ ਪ੍ਰਤਾਪ ਦੇ ਆਪਣੀ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਸਹੀ  ਬਾਜਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਪਰੈਲ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ ’ਤੇ ਨਸ਼ਿਆਂ ਅਤੇ ਬੇਅਦਬੀ ਬਾਰੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਣ ਤੋਂ ਬਾਅਦ ਕਿਹਾ ਕਿ ਹੁਣ ਪਾਰਟੀ ਆਗੂਆਂ ਨੇ ਵੀ ਪਾਰਟੀ ਦੀਆਂ ਗਲਤੀਆਂ ਦਾ ਪਰਦਾਫਾਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਐਤਵਾਰ ਨੂੰ ‘ਆਪ’ ਦੇ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਲੋਕ ਸਭਾ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ’ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ’ਚੋਂ ਨਸ਼ਿਆਂ ਦੇ ਮਾਮਲਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਇਨਸਾਫ ਨਾ ਮਿਲਣ ’ਤੇ ਕਟਹਿਰੇ ’ਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੂਬੇ ’ਚ ਸੱਤਾ ਸੰਭਾਲੇ ਨੂੰ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਵੋਟਰਾਂ ਨਾਲ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਬੇਅਦਬੀ ਲਈ ਇਨਸਾਫ ਦਿਵਾਉਣ ਦੇ ਵਾਅਦੇ ਪੂਰੇ ਨਾ ਕੀਤੇ ਗਏ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਅਕਸਰ ਵਿਧਾਨ ਸਭਾ ਸੈਸ਼ਨਾਂ ਅਤੇ ਹੋਰ ਮੰਚਾਂ ’ਤੇ ਇਹ ਮੁੱਦੇ ਉਠਾਉਂਦੇ ਰਹੇ ਹਨ ਪਰ ਉਨ੍ਹਾਂ ਨੂੰ ‘ਆਪ’ ਨੇ ਨਜ਼ਰਅੰਦਾਜ਼ ਕਰ ਦਿੱਤਾ ਹੈ। ਹੁਣ ਇਹ ਸਾਬਿਤ ਹੋ ਗਿਆ ਹੈ ਕਿ ‘ਆਪ’ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਾਂ ਹਾਸਲ ਕਰਨ ਲਈ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×