ਮਜ਼ਦੂਰ ਦੀ ਮੌਤ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਦਾ ਘਿਰਾਓ
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 6 ਦਸੰਬਰ
ਪਿੰਡ ਕਲਾਲ ਮਾਜਰਾ ਦੇ ਮਜ਼ਦੂਰ ਸ਼ਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਥਾਣਾ ਮਹਿਲ ਕਲਾਂ ਅੱਗੇ ਧਰਨਾ ਲਗਾ ਕੇ ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨਾਕਾਰੀ ਜੁਗਰਾਜ ਸਿੰਘ, ਖੁਸ਼ੀਆਂ ਸਿੰਘ, ਕੌਰ ਸਿੰਘ ਅਤੇ ਏਕਮ ਸਿੰਘ ਨੇ ਕਿਹਾ ਕਿ ਉਕਤ ਮਜ਼ਦੂਰ ਦੀ ਮੌਤ ਦੇ ਮਾਮਲੇ ਵਿੱਚ 7 ਵਿਅਕਤੀਆਂ ਵਿਰੁੱਧ ਪੁਲੀਸ ਕੇਸ ਦਰਜ ਹੈ। ਪੁਲੀਸ ਵੱਲੋਂ ਭਾਵੇਂ ਤਿੰਨ ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਪ੍ਰੰਤੂ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਬਾਕੀ ਰਹਿੰਦੇ 4 ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਅੱਜ ਰੋਸ ਵਜੋਂ ਉਨ੍ਹਾਂ ਨੂੰ ਥਾਣੇ ਅੱਗੇ ਧਰਨਾ ਲਗਾਉਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ। ਜੇਕਰ ਬਾਕੀ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਏਐਸਆਈ ਗੁਰਸਿਮਰਨਜੀਤ ਸਿੰਘ ਨੇ ਧਰਨੇ ਵਿੱਚ ਪਹੁੰਚ ਕੇ ਇੱਕ ਹਫ਼ਤੇ ਵਿੱਚ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾ ਦੱਸਿਆ ਕਿ ਕੇਸ ਵਿਚਲੇ ਦੋ ਮੁਲਜ਼ਮਾਂ ਦੀ ਜਾਂਚ ਡੀਐੱਸਪੀ(ਡੀ) ਕੋਲ ਚੱਲ ਰਹੀ ਹੈ। ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾ ਸਕੇਗੀ।