Lakhimpur Kheri violence: ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਨੇ ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ’ਤੇ ਅਸ਼ੀਸ਼ ਮਿਸ਼ਰਾ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 27 ਨਵੰਬਰ
SC asks Ashish Mishra to reply to witnesses threatening allegation: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦਿੱਤੇ ਜਾਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਹੈ।
ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੇ ਬੈਂਚ ਨੇ ਮਿਸ਼ਰਾ ਦੇ ਵਕੀਲ ਨੂੰ ਦੋਸ਼ਾਂ ਨੂੰ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਇਸ ਦੌਰਾਨ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਵੀ ਅਜਿਹੇ ਮਾਮਲੇ ਅਦਾਲਤ ਕੋਲ ਆਉਂਦੇ ਹਨ ਤਾਂ ਹਰ ਵਾਰ ਅਜਿਹੇ ਦੋਸ਼ ਹੀ ਲੱਗਦੇ ਹਨ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਦਿਆਂ ਉਸ ਨੂੰ ਦਿੱਲੀ ਜਾਂ ਲਖਨਊ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਸੀ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਸੁਪਰੀਮ ਕੋਰਟ ਨੇ 25 ਜਨਵਰੀ 2023 ਨੂੰ ਅਸ਼ੀਸ਼ ਮਿਸ਼ਰਾ ਨੂੰ ਅੱਠ ਹਫ਼ਤਿਆਂ ਲਈ ਕੁਝ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਸੀ ਤੇ ਬਾਅਦ ਵਿਚ ਜ਼ਮਾਨਤ ਦੇ ਸਮੇਂ ਨੂੰ ਵਧਾਇਆ ਗਿਆ ਸੀ। ਸਰਵਉਚ ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਨੇ ਇਹ ਵੀ ਸਪਸ਼ਟ ਕੀਤਾ ਸੀ ਕਿ ਅਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕਰਨ ਨਾਲ ਉਸ ਦੀ ਜ਼ਮਾਨਤ ਰੱਦ ਹੋ ਸਕਦੀ ਹੈ।
ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਪਹਿਲਾਂ ਅਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ, ਜਿਸ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਤਿਕੋਨੀਆ-ਬਨਬੀਰਪੁਰ ਮਾਰਗ ਉੱਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧੀਆਂ ਨੂੰ ਕਥਿਤ ਤੌਰ ਉੱਤੇ ਦੋ ਐੱਸਯੂਵੀ ਵਾਹਨਾਂ ਰਾਹੀਂ ਦਰੜ ਦਿੱਤਾ ਗਿਆ ਸੀ ਤੇ ਇਹ ਦੋਸ਼ ਅਸ਼ੀਸ਼ ਮਿਸ਼ਰਾ ’ਤੇ ਲੱਗੇ ਸਨ। ਇਸ ਘਟਨਾ ਵਿਚ ਕਈ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।