ਨਵੀਂ ਦਿੱਲੀ, 23 ਅਕਤੂਬਰਸੁਪਰੀਮ ਕੋਰਟ ਨੇ ਅੱਜ 2021 ਦੀ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਕਤਲ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਉਸ ’ਤੇ ਲਗਾਈਆਂ ਜ਼ਮਾਨਤ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ। ਜਸਟਿਸ ਸੂਰਿਆਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਇਸ ਤੋਂ ਪਹਿਲਾਂ ਪੀੜਤਾਂ ਨੂੰ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ। ਇਸ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਕਿ ਮਿਸ਼ਰਾ ਨੇ 2 ਅਕਤੂਬਰ ਨੂੰ ਜਨਤਕ ਰੈਲੀ ਕਰ ਕੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਬੈਂਚ ਨੇ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੂੰ ਕਿਹਾ, ‘‘ਤੁਸੀਂ ਜ਼ਮਾਨਤ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੈ।’’ ਸਿਖਰਲੀ ਅਦਾਲਤ ਨੇ ਇਸ ਮਾਮਲੇ ਵਿੱਚ ਮਿਸ਼ਰਾ ਨੂੰ 22 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ਦੇ ਦਿੱਲੀ ਜਾਂ ਲਖਨਊ ਜਾਣ ’ਤੇ ਪਾਬੰਦੀ ਲਾ ਦਿੱਤੀ ਸੀ। -ਪੀਟੀਆਈ