For the best experience, open
https://m.punjabitribuneonline.com
on your mobile browser.
Advertisement

Land 'allotment' for Haryana Assembly: ‘ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ’: ‘ਆਪ’

07:30 PM Nov 15, 2024 IST
land  allotment  for haryana assembly  ‘ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ  ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ’  ‘ਆਪ’
ਨੀਲ ਗਰਗ
Advertisement

ਸ਼ਗਨ ਕਟਾਰੀਆ
ਬਠਿੰਡਾ, 15 ਨਵੰਬਰ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਵਿਰੁੱਧ ਆਵਾਜ਼ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਇੱਕ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਇੱਥੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਹਰ ਪੱਖੋਂ ਪੰਜਾਬ ਦਾ  ਅਧਿਕਾਰ ਹੈ। ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁੱਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰੇ ਅਤੇ ਚੰਡੀਗੜ੍ਹ ਪੰਜਾਬ ਨੂੰ ਵਾਪਿਸ ਕਰੇ।
ਉਨ੍ਹਾਂ ਸਵਾਲ ਕੀਤਾ ਕਿ ਜੇ ਹਰਿਆਣਾ ਸਰਕਾਰ ਇਸ ਦੇ ਬਦਲੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਰਹੀ ਹੈ, ਤਾਂ ਫੇਰ ਵਿਧਾਨ ਸਭਾ ਪੰਚਕੂਲਾ ਵਿੱਚ ਕਿਉਂ ਨਹੀਂ ਬਣ ਸਕਦੀ? ਉਨ੍ਹਾਂ ਆਖਿਆ ਕਿ ਇਹ ਫ਼ੈਸਲਾ ਬਿਲਕੁਲ ਗ਼ਲਤ ਹੈ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਹਰ ਮੋਰਚੇ ’ਤੇ ਇਸ ਦੇ ਖ਼ਿਲਾਫ਼ ਲੜੇਗੀ।
ਨੀਲ ਗਰਗ ਨੇ ‘ਆਪ’ ਦੀ ਤਰਫ਼ੋਂ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੁੱਦੇ ’ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ ਹੈ, ਸਗੋਂ ਇਹ ਤਿੰਨ ਕਰੋੜ ਪੰਜਾਬੀਆਂ ਦਾ ਮਸਲਾ ਹੈ। ਉਨ੍ਹਾਂ ਕਿਹਾ ਇਸ ਲਈ ਸਾਨੂੰ ਮਿਲ ਕੇ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਯਕੀਨੀ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਵਾਅਦੇ ਮੁਤਾਬਿਕ ਚੰਡੀਗੜ੍ਹ ਪੰਜਾਬ ਨੂੰ ਸੌਂਪੇ। ਨੀਲ ਗਰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਇਸ ਫ਼ੈਸਲੇ ਵਿਰੁੱਧ ਬੋਲਣ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ ਅਤੇ ਹੁਣ ਉਸ ਨੂੰ ਜਾਖੜ ਦੀਆਂ ਗੱਲਾਂ ’ਤੇ ਵਿਚਾਰ ਕਰਨਾ ਚਾਹੀਦਾ ਹੈ।

Advertisement

Advertisement
Advertisement
Author Image

Balwinder Singh Sipray

View all posts

Advertisement