ਜ਼ਮੀਨੀ ਵਿਵਾਦ: ਕੌਮੀ ਮੁੱਖ ਮਾਰਗ ਉੱਤੇ ਆਵਾਜਾਈ ਠੱਪ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ। ਯੂਨੀਅਨ ਦੇ ਆਗੂ ਪਿੰਡ ਦੁਗਾਲ ਦੇ ਪਿਉ-ਪੁੱਤਰ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤੇ ਦੋ ਕੇਸਾਂ ਵਿੱਚ ਗ੍ਰਿਫ਼ਤਾਰੀ ਨਾ ਕਰਨ ਦੇ ਦੋਸ਼ ਲਾਉਂਦਿਆਂ ਕਿਸਾਨ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਇਸੇ ਦੌਰਾਨ ਦੂਰ ਦੁਰਾਡੇ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਨੇ ਕਿਹਾ ਕਿ ਪਿੰਡ ਸ਼ਾਦੀ ਹਰੀ ਦੇ ਜਗਪਾਲ ਸਿੰਘ ਵੱਲੋਂ ਪਿੰਡ ਦੁਗਾਲ ਵਿੱਚ ਜ਼ਮੀਨ ਖਰੀਦੀ ਗਈ ਸੀ। ਜ਼ਮੀਨ ਵੇਚਣ ਵਾਲੇ ਉਸ ਨੂੰ ਪਿਛਲੇ ਤਿੰਨ ਸਾਲ ਤੋਂ ਤੰਗ ਕਰ ਰਹੇ ਹਨ। ਜਥੇਬੰਦੀ ਦੇ ਦਬਾਅ ਹੇਠ ਪੁਲੀਸ ਨੇ ਪਿਉ-ਪੁੱਤਰ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਦੋ ਵਾਰ ਥਾਣੇ ਅੱਗੇ ਧਰਨਾ ਲਾਉਣ ਤੋਂ ਬਾਅਦ ਕੋਈ ਕਾਰਵਾਈ ਨਹੀਂ ਹੋਈ। ਕਿਸਾਨ ਜਥੇਬੰਦੀ ਨੂੰ ਢਿੱਲੀ ਕਾਰਵਾਈ ਦੇ ਵਿਰੁੱਧ ਚੌਕ ਵਿੱਚ ਧਰਨਾ ਦੇ ਕੇ ਆਵਜਾਈ ਠੱਪ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਣਿਮੱਥੇ ਸਮੇਂ ਦਾ ਇਹ ਧਰਨਾ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਨਹੀ ਕੀਤਾ ਜਾਂਦਾ। ਥਾਣਾ ਮੁਖੀ ਪਾਤੜਾਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਜਗਪਾਲ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਦੀ ਜਾਂਚ ਐੱਸਪੀ ਪਟਿਆਲਾ ਵੱਲੋਂ ਕੀਤੀ ਜਾ ਰਹੀ ਹੈ। ਪੜਤਾਲ ਪੂਰੀ ਹੋਣ ਕਾਰਵਾਈ ਕੀਤੀ ਜਾਵੇਗੀ।