ਜ਼ਮੀਨੀ ਝਗੜਾ: ਗੋਲੀ ਲੱਗਣ ਕਾਰਨ ਦੋ ਦੀ ਮੌਤ; ਚਾਰ ਜ਼ਖ਼ਮੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਜੂਨ
ਸਰਹੱਦੀ ਖੇਤਰ ਦੇ ਥਾਣਾ ਲੋਪੋਕੇ ਹੇਠ ਆਉਂਦੇ ਪਿੰਡ ਕੱਕੜ ਤਰੀਨ ਵਿੱਚ ਜ਼ਮੀਨੀ ਝਗੜੇ ਦੌਰਾਨ ਚੱਲੀ ਗੋਲੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਚਾਰ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਬੇਅੰਤ ਸਿੰਘ ਵਜੋਂ ਹੋਈ ਹੈ। ਦੋਵੇਂ ਲਗਪਗ 40 ਸਾਲ ਉਮਰ ਦੇ ਸਨ ਅਤੇ ਕੱਕੜ ਤਰੀਨ ਪਿੰਡ ਦੇ ਵਾਸੀ ਸਨ।
ਜ਼ਖਮੀਆਂ ਵਿੱਚ ਗੱਜਣ ਸਿੰਘ, ਮੰਗਲ ਸਿੰਘ, ਬਲਜੀਤ ਸਿੰਘ ਅਤੇ ਜਗਤਾਰ ਸਿੰਘ ਦੇ ਨਾਂ ਸ਼ਾਮਲ ਹਨ, ਜੋ ਕਿ ਹਸਪਤਾਲ ’ਚ ਜ਼ੇਰੇ ਇਲਾਜ ਹਨ। ਪੁਲੀਸ ਨੇ ਇਸ ਸਬੰਧੀ ਗੋਲੀ ਚਲਾਉਣ ਦੇ ਦੋਸ਼ ਹੇਠ ਇੱਕ ਸਾਬਕਾ ਇੰਸਪੈਕਟਰ ਇੰਦਰਜੀਤ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ ਅਤੇ ਸਤਨਾਮ ਸਿੰਘ ਸਾਰੇ ਵਾਸੀ ਪਿੰਡ ਗੁਮਾਨਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਮੌਕੇ ਤੋਂ ਦੋ ਕਾਰਾਂ ਅਤੇ ਟਰੈਕਟਰ ਵੀ ਕਬਜ਼ੇ ਵਿੱਚ ਲਏ ਹਨ। ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਡੀਐੱਸਪੀ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਜ਼ਮੀਨੀ ਝਗੜੇ ਨਾਲ ਨਾਲ ਸਬੰਧਤ ਹੈ। ਪੁਲੀਸ ਨੇ ਇੱਕ ਧਿਰ ਦੀ ਅਗਵਾਈ ਕਰ ਰਹੇ ਸਾਬਕਾ ਇੰਸਪੈਕਟਰ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਲੋਪੋਕੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਵਿਅਕਤੀਆ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਗਪਗ ਚਾਰ ਦਹਾਕੇ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਪੰਜ ਕਨਾਲ ਜ਼ਮੀਨ ਦਾ ਲੈਣ ਦੇਣ ਹੋਇਆ ਸੀ, ਇਸ ਮਾਮਲੇ ਵਿੱਚ ਅੱਜ 25 ਤੋਂ 30 ਵਿਅਕਤੀ ਕਾਰਾਂ ਅਤੇ ਟਰੈਕਟਰਾਂ ’ਤੇ ਸਵਾਰ ਹੋ ਕੇ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਫ਼ਸਲ ਨੂੰ ਵਾਹੁਣਾ ਸ਼ੁਰੂ ਕਰ ਦਿੱਤਾ, ਜਿਸ ਦਾ ਵਿਰੋਧ ਕਰਨ ’ਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।