ਲੰਗਾਹ ਮਾਮਲਾ: ਸ਼੍ਰੋਮਣੀ ਕਮੇਟੀ ਦੇ ਪੰਜ ਹੋਰ ਮੁਲਾਜ਼ਮਾਂ ਦੇ ਤਬਾਦਲੇ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਗਸਤ
ਪੰਥ ਵਿਚੋਂ ਛੇਕੇ ਹੋਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਦੋ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ 2 ਹਜ਼ਾਰ ਰੁਪਏ ਜੁਰਮਾਨਾ ਕਰ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ। ਇਸੇ ਤਰ੍ਹਾਂ ਤਿੰਨ ਪ੍ਰਚਾਰਕਾਂ ਦੇ ਵੀ ਇਸੇ ਦੋਸ਼ ਹੇਠ ਤਬਾਦਲੇ ਕੀਤੇ ਗਏ ਹਨ। ਇਸ ਮਾਮਲੇ ਵਿਚ ਗੁਰਦੁਆਰਾ ਬਾਰਠ ਸਾਹਿਬ ਪਠਾਨਕੋਟ ਦੇ ਮੈਨੇਜਰ ਜਗਦੀਸ਼ ਸਿੰਘ ਅਤੇ ਧਾਰੀਵਾਲ ਦੇ ਗੁਰਦੁਆਰਾ ਬੁਰਜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਦਾ ਤਬਾਦਲਾ ਹਰਿਆਣਾ ਸਥਿਤ ਦੋ ਗੁਰਦੁਆਰਿਆਂ ਵਿਚ ਕੀਤਾ ਗਿਆ ਹੈ। ਦੋਵਾਂ ਨੂੰ 2-2 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਭਾਈ ਬਲਬੀਰ ਸਿੰਘ ਅਤੇ ਭਾਈ ਜਗਰੂਪ ਸਿੰਘ ਪ੍ਰਚਾਰਕਾਂ ਨੂੰ ਧਰਮ ਪ੍ਰਚਾਰ ਕਮੇਟੀ ਤੋਂ ਹਰਿਆਣਾ ਸਿੱਖ ਮਿਸ਼ਨ ਵਿਚ ਤਬਾਦਲਾ ਕਰ ਦਿੱਤਾ ਗਿਆ। ਇਕ ਹੋਰ ਪ੍ਰਚਾਰਕ ਭਾਈ ਗੁਰਨਾਮ ਸਿੰਘ ਦਾ ਤਬਾਦਲਾ ਗੁਰਦੁਆਰਾ ਗੜੀ ਗੁਰਦਾਸ ਨੰਗਲ ਤੋਂ ਹੈੱਡ ਆਫਿਸ ਕਰ ਦਿੱਤਾ ਗਿਆ ਹੈ।
ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਸਬੰਧੀ ਰਿਪੋਰਟ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਲਈ ਕੀਤੀ ਗਈ ਹਦਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਆਦੇਸ਼ ਕੀਤੇ ਗਏ ਸਨ, ਸ਼੍ਰੋਮਣੀ ਕਮੇਟੀ ਵੱਲੋਂ ਉਸ ਮੁਤਾਬਿਕ ਹੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਤਿੰਨ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕਰ ਚੁੱਕੀ ਹੈ।