ਵੱਡੀ ਗਿਣਤੀ ਸੰਗਤ ਮੁਹਾਲੀ ਦੇ ਗੁਰੂ ਘਰਾਂ ’ਚ ਨਤਮਸਤਕ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 6 ਜਨਵਰੀ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਬੀਬੀ ਮੁਖ਼ਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਨੇ ਦੇਸ਼ ਅਤੇ ਕੌਮ ਖ਼ਾਤਰ ਦਿੱਤੀਆਂ ਸ਼ਹਾਦਤਾਂ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਬਾਰੇ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ।
ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਵਿਖੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਹੋਰਨਾਂ ਨੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇੰਜ ਹੀ ਗੁਰਦੁਆਰਾ ਸਾਹਿਬ ਫੇਜ਼-2, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6, ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ, ਗੁਰਦੁਆਰਾ ਸੰਤ ਬਾਬਾ ਸਮੀਰ ਸਿੰਘ ਬਲੌਂਗੀ ਸਮੇਤ ਹੋਰਨਾਂ ਵੱਖ-ਵੱਖ ਗੁਰਦੁਆਰਿਆਂ ਵਿੱਚ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਥਾਂ-ਥਾਂ ’ਤੇ ਲੰਗਰ ਲਗਾਏ ਗਏ।
ਇਨ੍ਹਾਂ ਸਮਾਗਮਾਂ ਵਿੱਚ ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਬੱਬੀ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਅਵਤਾਰ ਸਿੰਘ ਵਾਲੀਆ, ਸਿਮਰਨਜੀਤ ਸਿੰਘ ਚੰਦੂਮਾਜਰਾ ਆਦਿ ਪੁੱਜੇ।