For the best experience, open
https://m.punjabitribuneonline.com
on your mobile browser.
Advertisement

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਲਾਠੀਚਾਰਜ ਦੀ ਨਿਖੇਧੀ

08:45 AM Jul 03, 2023 IST
ਬੀਕੇਯੂ ਏਕਤਾ  ਉਗਰਾਹਾਂ  ਵੱਲੋਂ ਲਾਠੀਚਾਰਜ ਦੀ ਨਿਖੇਧੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭੁੱਚੋ ਮੰਗੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਸੰਗਰੂਰ ’ਚ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਨੇ ਕਿਹਾ ਕਿ ਭੁੱਚੋ ਮੰਡੀ ਅਤੇ ਸੰਗਰੂਰ ਵਿਚ ਕੀਤੇ ਪੁਲੀਸ ਲਾਠੀਚਾਰਜ ਦੌਰਾਨ ਧੀਆਂ ਭੈਣਾਂ ਦੀਆਂ ਚੁੰਨੀਆਂ ਤੱਕ ਪਾੜ ਦਿੱਤੀਆਂ ਗਈਆਂ। ਮਹਿਲਾ ਆਗੂ ਤੋਂ ਜਬਰੀ ਮੋਬਾਈਲ ਫੋਨ ਖੋਹ ਲਿਆ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕੀਤੇ ਹਰ ਵਾਅਦੇ ਨੂੰ ਟਿੱਚ ਜਾਣਿਆ ਹੈ ਅਤੇ ਪਹਿਲਾਂ ਵਾਲੀਆਂ ਸਰਕਾਰਾਂ ਦੀ ਤਰ੍ਹਾਂ ਕਿਰਤੀ ਲੋਕਾਂ ਤੇ ਅੱਤਿਆਚਾਰ ਨੂੰ ਹੋਰ ਵੀ ਵਧਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਇਸੇ ਤਰ੍ਹਾਂ ਹੱਕ ਮੰਗਦੇ ਲੋਕਾਂ ਤੇ ਅੱਤਿਆਚਾਰ ਕਰਦੀ ਹੈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਬਰ ਨੀਤੀ ਨੂੰ ਸਮਝਦਿਆਂ ਸੂਬਾ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਭੁੱਚੋ ਮੰਡੀ ਵਿੱਚ ਉਸੇ ਥਾਂ ’ਤੇ ਮੋਰਚਾ ਲਾਇਆ ਜਾਵੇਗਾ ਜਿੱਥੋਂ ਮੋਰਚਾ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸੰਗਰੂਰ ਜ਼ਿਲ੍ਹੇ ਵਿੱਚੋਂ ਵੀ ਹਜ਼ਾਰਾਂ ਕਿਸਾਨ ਤੇ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ, ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਆਦਿ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਸਤਵਿੰਦਰ ਸਿੰਘ ਘਰਾਚੋਂ, ਰਘਬੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ ਅਤੇ ਲਾਡੀ ਬਖੋਪੀਰ ਵੱਲੋਂ ਸੰਗਰੂਰ ਵਿੱਚ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ।

Advertisement

Advertisement
Tags :
Author Image

sukhwinder singh

View all posts

Advertisement
Advertisement
×