ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਕੋਠੀ ਵੱਲ ਜਾਂਦੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ

06:32 AM Jan 08, 2025 IST
ਚੰਡੀਗੜ੍ਹ ਵਿੱਚ ਸੈਕਟਰ 51-52 ਦੀ ਸੜਕ ’ਤੇ ਪੁਲੀਸ ਵੱਲੋਂ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਤੋਂ ਬਚਦੇ ਹੋਏ ਕੌਮੀ ਇਨਸਾਫ ਮੋਰਚੇ ਦੇ ਕਾਰਕੁਨ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 7 ਜਨਵਰੀ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ’ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਵਾਈਪੀਐੱਸ ਚੌਕ ਨੇੜੇ ਲਾਏ ਪੱਕੇ ਮੋਰਚੇ ਦੇ ਦੋ ਸਾਲ ਪੂਰੇ ਹੋਣ ’ਤੇ ਅੱਜ ਇੱਥੇ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਇੱਥੇ ਪੁੱਜੇ ਨਿਹੰਗ ਸਿੰਘਾਂ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਆਮ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਵੱਲ ਮਾਰਚ ਕਰਨ ਦਾ ਯਤਨ ਕੀਤਾ ਤਾਂ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ, ਜਿਸ ਕਾਰਨ ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਸਣੇ ਕਈ ਲੋਕ ਜ਼ਖ਼ਮੀ ਹੋ ਗਏ। ਇਸ ਦੌਰਾਨ, ਹਾਲਾਂਕਿ ਮੁਹਾਲੀ ਤੇ ਚੰਡੀਗੜ੍ਹ ਪੁਲੀਸ ਨੇ ਭੀੜ ਨੂੰ ਅੱਗੇ ਵਧਣ ਤੋਂ ਰੋਕਣ ਲਈ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੋਈ ਸੀ ਪਰ ਇਸ ਦੇ ਬਾਵਜੂਦ ਕੁੱਝ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨੂੰ ਝਕਾਨੀ ਦੇ ਕੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਵਾਲੇ ਪਾਸਿਓਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ ਅਤੇ ਉਨ੍ਹਾਂ ਦੀ ਪੁਲੀਸ ਨਾਲ ਖਿੱਚਧੂਹ ਵੀ ਹੋਈ। ਇਸ ਮਗਰੋਂ ਭੀੜ ਨੂੰ ਖਦੇੜਨ ਲਈ ਪੁਲੀਸ ਨੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਇਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਸੁੱਖਾ ਗਿੱਲ ਮੋਗਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਕਰਨੈਲ ਸਿੰਘ ਪੰਜੋਲੀ, ਗੁਰਦੀਪ ਸਿੰਘ ਬਠਿੰਡਾ, ਕਾਸਕਰ ਸਿੰਘ ਕਾਹਨਸਿੰਘਵਾਲਾ, ਬਲਜੀਤ ਸਿੰਘ ਭਾਊ, ਗੁਰਜੰਟ ਸਿੰਘ, ਬਲਵਿੰਦਰ ਸਿੰਘ ਕਾਲਾ ਪ੍ਰਮੁੱਖ ਆਗੂਆਂ ਸਣੇ ਕਰੀਬ 60 ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਤੇ ਸ਼ਾਮ ਸਮੇਂ ਰਿਹਾਅ ਕਰ ਦਿੱਤਾ। ਇਸ ਮੌਕੇ ਬਾਪੂ ਰਾਏ ਰਾਜ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰਾਂ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੇ ਹੁਕਮਰਾਨ ਇਨਸਾਫ਼ ਪਸੰਦ ਲੋਕਾਂ ’ਤੇ ਜ਼ੁਲਮ ਢਾਹ ਰਹੇ ਹਨ। ਅੱਜ ਧੱਕੇਸ਼ਾਹੀ ਅਤੇ ਜਬਰ ਦੀ ਉਦੋਂ ਹੱਦ ਪਾਰ ਹੋ ਗਈ, ਜਦੋਂ ਭੀੜ ਨੂੰ ਖਦੇੜਨ ਲਈ ਪੁਲੀਸ ਇਹ ਵੀ ਭੁੱਲ ਗਈ ਕਿ ਜਿੱਥੇ ਉਹ ਅੱਥਰੂ ਗੈਸ ਦੇ ਗੋਲੇ ਸੁੱਟ ਰਹੇ ਹਨ, ਉੱਥੇ ਖੁੱਲ੍ਹੇ ਪੰਡਾਲ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਜੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਜਾਇਜ਼ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਜਲਦੀ ਹੀ ਸਾਰਿਆਂ ਦੀ ਰਾਇ ਲੈ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

Advertisement

ਕੇਂਦਰ ਦੇ ਇਸ਼ਾਰੇ ’ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ’ਤੇ ਤਸ਼ੱਦਦ ਕੀਤਾ ਗਿਆ: ਹਵਾਰਾ ਕਮੇਟੀ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕੇਂਦਰ ਦੇ ਕਹਿਣ ’ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ’ਤੇ ਤਸ਼ੱਦਦ ਕੀਤਾ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਡਾ. ਸੁਖਦੇਵ ਸਿੰਘ ਬਾਬਾ ਤੇ ਬਲਦੇਵ ਸਿੰਘ ਨਵਾਂ ਪਿੰਡ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕੀਤੀ। ਇਸੇ ਦੌਰਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਬੰਦੀ ਸਿੰਘ ਰਿਹਾਈ ਮੋਰਚੇ ਵਿੱਚ ਮੁਹਾਲੀ ਜਾਣ ਤੋਂ ਰੋਕਣ ਲਈ ਕਈ ਸਿੱਖ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਦਲ ਖਾਲਸਾ ਦੇ ਆਗੂ ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਤੇ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਵਾਰਾ ਕਮੇਟੀ ਦੇ ਮੁਖੀ ਪ੍ਰੋਫੈਸਰ ਬਲਜਿੰਦਰ ਸਿੰਘ, ਸ਼ੇਰ-ਏ-ਪੰਜਾਬ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਹਰਜੀਤ ਸਿੰਘ ਮੀਆਂਪੁਰ ਦੇ ਘਰਾਂ ਵਿੱਚ ਵੀ ਪੁਲੀਸ ਗਈ।

ਸਿਮਰਨਜੀਤ ਸਿੰਘ ਮਾਨ, ਅੰਮ੍ਰਿਤਪਾਲ ਦੇ ਪਿਤਾ ਤੇ ਹੋਰ ਆਗੂ ਘਰਾਂ ’ਚ ਨਜ਼ਰਬੰਦ

ਫ਼ਤਹਿਗੜ੍ਹ ਸਾਹਿਬ/ਰਈਆ (ਡਾ.ਹਿਮਾਂਸ਼ੂ ਸੂਦ/ਦਵਿੰਦਰ ਸਿੰਘ ਭੰਗੂ): ਫ਼ਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਸਵੇਰੇ ਪੁਲੀਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਘਰ ਦੇ ਬਾਹਰ ਕਾਫ਼ੀ ਪੁਲੀਸ ਤਾਇਨਾਤ ਸੀ। ਇਸ ਦੌਰਾਨ ਸ੍ਰੀ ਮਾਨ ਨੇ ਦੱਸਿਆ ਕਿ ਪਾਰਟੀ ਦੇ ਜਰਨਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਗੁਰਨੈਬ ਸਿੰਘ ਰਾਮਪੁਰਾ, ਹਰਜੀਤ ਸਿੰਘ ਮੀਆਂਪੁਰ, ਨਰਿੰਦਰ ਸਿੰਘ ਕਾਲਾਬੂਲਾ ਧੂਰੀ ਅਤੇ ਅਮਰੀਕ ਸਿੰਘ ਨੂੰ ਵੀ ਨਜ਼ਰਬੰਦ ਕੀਤਾ ਗਿਆ ਹੈ। ਇਸੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਬਲਪੁਰ ਖੇੜਾ ਵਿੱਚ ਅੱਜ ਸਵੇਰੇ ਪੁਲੀਸ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਘਰ ਦੀ ਘੇਰਾਬੰਦੀ ਕਰ ਕੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿੱਚ ਹੀ ਨਜ਼ਰਬੰਦ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਲੋਕ ਇਨਸਾਫ ਮੋਰਚੇ ਦੇ ਹੱਕ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਜਾਣ ਦਾ ਫੈਸਲਾ ਲਿਆ ਗਿਆ ਸੀ ਪਰ ਅੱਜ ਤੜਕੇ ਪੁਲੀਸ ਵੱਲੋਂ ਘੇਰਾਬੰਦੀ ਕਰ ਕੇ ਉਨ੍ਹਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ।

Advertisement

Advertisement