For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ

08:38 AM Mar 02, 2024 IST
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਹੋਈ  ਰਾਜਪਾਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਾਰਚ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ। ਉਨ੍ਹਾਂ ਸਿੱਖਿਆ, ਸਿਹਤ, ਖੇਤੀ, ਨਸ਼ਿਆਂ ਖ਼ਿਲਾਫ਼ ਜੰਗ ਅਤੇ ਖੇਤੀ ਖੇਤਰ ਲਈ ਚੁੱਕੇ ਕਦਮਾਂ ਬਾਰੇ ਦੱਸਿਆ। ਰਾਜਪਾਲ ਨੇ ਅੱਜ ਆਪਣੇ ਭਾਸ਼ਣ ਵਿਚ ਦੱਸਿਆ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਹੋ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਹੁਣ ਤੱਕ 951 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 14 ਗੈਂਗਸਟਰਾਂ ਦਾ ਖਾਤਮਾ ਕੀਤਾ ਹੈ। ਟਾਸਕ ਫੋਰਸ ਨੇ 312 ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 963 ਹਥਿਆਰ ਬਰਾਮਦ ਕੀਤੇ ਹਨ। ਰਾਜਪਾਲ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਹੁਣ ਤੱਕ ਗ੍ਰਿਫਤਾਰ ਕੀਤੇ 25,385 ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵਿੱਚੋਂ 1,860 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਟੀਮਾਂ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀਆਂ 142 ਕਰੋੜ ਰੁਪਏ ਦੀਆਂ 355 ਜਾਇਦਾਦਾਂ ਨੂੰ ਸਮਰੱਥ ਅਥਾਰਟੀ ਵੱਲੋਂ ਜ਼ਬਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 23 ਗਜ਼ਟਿਡ ਅਫ਼ਸਰਾਂ, 193 ਨਾਨ-ਗਜ਼ਟਿਡ ਅਫ਼ਸਰਾਂ ਅਤੇ 55 ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ 195 ਕੇਸ ਦਰਜ ਕੀਤੇ ਗਏ ਹਨ।
ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਰਾਜਪਾਲ ਨੇ ਤਰੱਕੀ ਤੇ ਖੁਸ਼ਹਾਲੀ ਦੇ ਬਰਾਬਰ ਮੌਕਿਆਂ ਅਤੇ ਬਹੁਪੱਖੀ ਵਿਕਾਸ ਦਾ ਮਾਹੌਲ ਤਿਆਰ ਕੀਤੇ ਜਾਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ 664 ਆਮ ਆਦਮੀ ਕਲੀਨਿਕਾਂ ’ਚ ਹੁਣ ਤੱਕ ਕੁੱਲ 1.07 ਕਰੋੜ ਲੋਕਾਂ ਨੇ ਇਲਾਜ ਕਰਾਇਆ ਹੈ ਜਿਥੇ ਮਰੀਜ਼ਾਂ ਨੂੰ 450 ਕਰੋੜ ਦੀਆਂ ਦਵਾਈਆਂ ਅਤੇ 70 ਕਰੋੜ ਰੁਪਏ ਦੇ ਟੈਸਟ ਮੁਫ਼ਤ ਕਰਵਾਏ ਗਏ ਹਨ। ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਦੀ ਸਪਲਾਈ ਲਈ 222 ਕਰੋੜ ਰੁਪਏ ਖਰਚੇ ਗਏ ਹਨ। ਰਾਜਪਾਲ ਨੇ ਸਿੱਖਿਆ ਦੇ ਖੇਤਰ ਵਿਚ ਸੁਧਾਰ ਦੀ ਗੱਲ ਕਰਦਿਆਂ ਕਿਹਾ ਕਿ ਹੁਣ ਤੱਕ 12,126 ਸਕੂਲਾਂ ਨੂੰ ਇੰਟਰਨੈੱਟ ਕੁਨੈਕਸ਼ਨ ਮਿਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲਾ ਲਗਪਗ 17 ਫੀਸਦੀ ਵਧਿਆ ਹੈ। ਉਨ੍ਹਾਂ ਖੇਤੀ ਸੈਕਟਰ ਦੀ ਗੱਲ ਕਰਦਿਆਂ ਕਿਹਾ ਕਿ ਇਸ ਸਾਲ ਦੌਰਾਨ ਨਹਿਰੀ ਪਾਣੀ ਦੀ ਵਰਤੋਂ 38 ਫੀਸਦੀ ਤੱਕ ਵਧੀ ਹੈ। ਬੰਦ ਪਈਆਂ 45 ਨਹਿਰਾਂ ਨੂੰ ਕਾਰਜਸ਼ੀਲ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਡੀ ਡੈਮ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ ਅਤੇ ਇਸ ਨਾਲ 37,000 ਹੈਕਟੇਅਰ ਤੋਂ ਵੱਧ ਰਕਬੇ ਲਈ ਸਿੰਜਾਈ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਲਈ 129 ਰਿਚਾਰਜ ਸਾਈਟਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪ੍ਰਾਈਵੇਟ ਥਰਮਲ ਪਲਾਂਟ 1080 ਕਰੋੜ ਰੁਪਏ ’ਚ ਖਰੀਦਿਆ। ਸੂਬਾ ਸਰਕਾਰ ਨੇ ਜੁਲਾਈ 2022 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮਹੀਨਾ ਮੁਫ਼ਤ ਬਿਜਲੀ ਯੋਜਨਾ ਲਾਗੂ ਕੀਤੀ ਹੈ ਜਿਸ ਨਾਲ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋਇਆ ਹੈ।
ਰਾਜਪਾਲ ਨੇ ਕਿਹਾ ਕਿ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਨਾਮ ਦੀ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ‘ਆਪ ਕੀ ਸਰਕਾਰ, ਆਪ ਦੇ ਦੁਆਰ’ ਨਾਮ ਦੀ ਇਕ ਹੋਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਅੱਠ ਲੱਖ ਤੋਂ ਵੱਧ ਲੋਕ ਪਹਿਲਾਂ ਹੀ ਕੈਂਪਾਂ ਦਾ ਦੌਰਾ ਕਰ ਚੁੱਕੇ ਹਨ। ਸਰਕਾਰ ਦੇ 40 ਅਦਾਰਿਆਂ ਵਿੱਚ 40437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

Advertisement

ਧਰਮੀ ਫੌਜੀਆਂ ਦੀ ਮਹੀਨਾਵਾਰ ਗਰਾਂਟ 10 ਤੋਂ ਵਧਾ ਕੇ 12 ਹਜ਼ਾਰ ਰੁਪਏ ਕੀਤੀ

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਕਾ ਨੀਲਾ ਤਾਰਾ ਪ੍ਰਭਾਵਿਤ ਧਰਮੀ ਫੌਜੀਆਂ ਦੀ ਮਦਦ ਲਈ ਮਾਸਿਕ ਗਰਾਂਟ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਕਰ ਦਿੱਤੀ ਹੈ। ਜੰਗੀ ਜਾਗੀਰ ਦੇ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਆਦਮਪੁਰ ਵਿਚ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ 40 ਏਕੜ ਜ਼ਮੀਨ ਐਕੁਆਇਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਕੌਮਾਂਤਰੀ ਸਿਵਲ ਏਅਰ ਟਰਮੀਨਲ ਹਲਵਾਰਾ ਨੂੰ 135.54 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ।

Advertisement
Author Image

sukhwinder singh

View all posts

Advertisement
Advertisement
×