‘ਆਪ’ ਦੇ ਸੱਤਾ ਵਿੱਚ ਆਉਣ ਮਗਰੋਂ ਸੂਬੇ ’ਚ ਅਮਨ-ਕਾਨੂੂੰਨ ਦੀ ਸਥਿਤੀ ਸੁਧਰੀ: ਕੇਜਰੀਵਾਲ
ਆਤਿਸ਼ ਗੁਪਤਾ
ਚੰਡੀਗੜ੍ਹ, 16 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਪੰਜਾਬ ਪੁਲੀਸ ’ਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮਾਨ ਨੇ ਨਵ-ਨਿਯੁਕਤ ਕਾਂਸਟੇਬਲਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਵਿੱਚ ਅਮਨ ਤੇ ਕਾਨੂੂੰਨ ਦੀ ਸਥਿਤੀ ਬਹੁਤ ਮਾੜੀ ਸੀ ਪਰ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ’ਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਇਸੇ ਕਰਕੇ ‘ਆਪ’ ਸਰਕਾਰ ਨੇ ਢਾਈ ਸਾਲਾਂ ਵਿੱਚ ਪੰਜਾਬ ਦੇ 48 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਦਿੱਤੀਆਂ ਹਨ। ਅੱਜ ਪੰਜਾਬ ਦੇ ਹਰ ਪਿੰਡ ਵਿੱਚ ਇਕ ਸਰਕਾਰੀ ਨੌਕਰੀ ਜ਼ਰੂਰ ਦਿੱਤੀ ਗਈ ਹੈ, ਜਿਸ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਨੇ 75 ਸਾਲਾਂ ਵਿੱਚ ਪੰਜਾਬ ਦੇ ਸਿਸਟਮ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਇਸ ਵਿਗੜੇ ਸਿਸਟਮ ਨੂੰ ‘ਆਪ’ ਦੀ ਸਰਕਾਰ ਨੇ ਕੁਝ ਤਾਂ ਸਵਾਰ ਦਿੱਤਾ ਹੈ ਅਤੇ ਬਾਕੀ ਨੂੰ ਰਹਿੰਦੇ ਢਾਈ ਸਾਲਾਂ ਵਿੱਚ ਸਵਾਰਿਆ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਤਰਜੀਹ ਹੁੰਦੀ ਹੈ। ਇਸੇ ਲਈ ਪੰਜਾਬ ਪੁਲੀਸ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਇਸੇ ਕੜੀ ਤਹਿਤ ਪੰਜਾਬ ਪੁਲੀਸ ਵਿੱਚ 1,746 ਨਵੇਂ ਕਾਂਸਟੇਬਲਾਂ ਨੂੰ ਭਰਤੀ ਕੀਤਾ ਗਿਆ ਹੈ, ਜਿਨ੍ਹਾਂ ’ਚੋਂ 1205 ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ ਅਤੇ ਬਾਕੀ ਰਹਿੰਦੇ 541 ਕਾਂਸਟੇਬਲਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਨਿਯੁਕਤੀ ਪੁੱਤਰ ਸੌਂਪੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਫਨੇ ਸਾਕਾਰ ਕਰਨ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਸਿਆਸੀ ਪਾਰਟੀਆਂ ਨੇ ਹਮੇਸ਼ਾ ਨਫਰਤ ਅਤੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ ਪਰ ਕੇਜਰੀਵਾਲ ਨੇ ਆਪਣੀ ਦੂਰਅੰਦੇਸ਼ੀ ਸੋਚ ਨਾਲ ਸਿਆਸਤ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਪੰਜਾਬ ਪੁਲੀਸ ’ਚ 10,000 ਹੋਰ ਜਵਾਨ ਭਰਤੀ ਕੀਤੇ ਜਾਣਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਕੁਸ਼ਲਤਾ ਵਧਾਉਣ ਲਈ ਸੂਬਾ ਸਰਕਾਰ ਨੇ 10,000 ਨਵੀਆਂ ਅਸਾਮੀਆਂ ਸਿਰਜਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2020 ਵਿੱਚ ਵੀ ਪੁਲੀਸ ਦੀ ਨਫ਼ਰੀ 80 ਹਜ਼ਾਰ ਸੀ ਅਤੇ ਅੱਜ ਵੀ ਇਹ 80 ਹਜ਼ਾਰ ਹੀ ਹੈ, ਜਿਸ ਨੂੰ ਵਧਾ ਕੇ ਸਵਾ ਲੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਸਫਲਤਾਪੂਰਵਕ ਚੱਲ ਰਹੀ ਹੈ।