For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਲੱਗੀ: ਜਾਖੜ

08:14 AM Jul 07, 2024 IST
ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਲੱਗੀ  ਜਾਖੜ
ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ ਪੁੱਛਦੇ ਹੋਏ ਸੁਨੀਲ ਜਾਖੜ। -ਫੋਟੋ: ਇੰਦਰਜੀਤ ਵਰਮਾ
Advertisement

ਗਗਨਦੀਪ ਅਰੋੜਾ
ਲੁਧਿਆਣਾ, 6 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧੀ ਬੇਖੌਫ਼ ਹੋ ਕੇ ਦਿਨ ਦਿਹਾੜੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਚਲਾਉਣ ’ਚ ਪੂਰੀ ਤਰ੍ਹਾਂ ਫੇਲ੍ਹ ਹਨ। ਉਹ ਅੱਜ ਇੱਥੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦੀ ਸਿਹਤ ਦਾ ਹਾਲ ਜਾਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਦੱਸ ਦੇਈਏ ਕਿ ਸੰਦੀਪ ਥਾਪਰ ਉਪਰ ਕੱਲ੍ਹ ਦਿਨ ਦਿਹਾੜੇ ਨਿਹੰਗ ਬਾਣੇ ਵਿੱਚ ਆਏ ਦੋ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਸ੍ਰੀ ਜਾਖੜ ਨੇ ਮੁੱਖ ਮੰਤਰੀ ਨੂੰ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਥਿਤੀ ਬੇਕਾਬੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਜਾਗ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਯੋਗਤਾ ਤੇ ਸ਼ਾਸਨ ਪ੍ਰਤੀ ਲਾਪ੍ਰਵਾਹੀ ਵਾਲੇ ਰਵੱਈਏ ਕਾਰਨ ਪੰਜਾਬ ਹਿੰਸਾ ਦੇ ਰਾਹ ’ਤੇ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸੋਚਦੀ ਹੈ ਕਿ ਉਹ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਵਿੱਚ ਅਸਮਰੱਥ ਹੈ ਤਾਂ ਉਸ ਨੂੰ ਕੇਂਦਰ ਤੋਂ ਸਹਾਇਤਾ ਦੀ ਮੰਗ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਤੇ ਸੁਖਵਿੰਦਰ ਪਾਲ ਸਿੰਘ ਗਰਚਾ ਵੀ ਮੌਜੂਦ ਸਨ।

Advertisement

ਕੱਟੜਪੰਥੀਆਂ ਖ਼ਿਲਾਫ਼ ਦਿੱਤੇ ਬਿਆਨਾਂ ਕਾਰਨ ਸ਼ਿਵ ਸੈਨਾ ਆਗੂ ’ਤੇ ਹੋਇਆ ਹਮਲਾ

ਟਿ੍ਰਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਜੁਲਾਈ
ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਕੱਟੜਪੰਥੀਆਂ ਖ਼ਿਲਾਫ਼ ਲਗਾਤਾਰ ਦਿੱਤੇ ਜਾਣ ਵਾਲੇ ਬਿਆਨਾਂ ਕਾਰਨ ਚਰਚਾ ’ਚ ਰਹਿਣ ਵਾਲੇ ਸ਼ਿਵ ਸੈਨਾ ਆਗੂ ਗੋਰਾ ਥਾਪਰ ’ਤੇ ਹਮਲੇ ਦਾ ਕਾਰਨ ਵੀ ਉਹੀ ਪੋਸਟ ਅਤੇ ਬਿਆਨ ਬਣੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਦਿੱਤੇ ਗਏ ਬਿਆਨਾਂ ਕਾਰਨ ਤਿੰਨੇ ਨਿਹੰਗ ਸਿੰਘ ਗੁੱਸੇ ’ਚ ਆ ਗਏ ਸਨ ਅਤੇ ਲਗਾਤਾਰ ਸੰਦੀਪ ਥਾਪਰ ਗੋਰਾ ਦੀ ਭਾਲ ’ਚ ਸਨ। ਬੀਤੇ ਦਿਨ ਉਨ੍ਹਾਂ ਨੂੰ ਗੋਰਾ ਥਾਪਰ ਦੇ ਸਿਵਲ ਹਸਪਤਾਲ ਨੇੜੇ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਸ਼ਿਵ ਸੈਨਾ ਆਗੂ ’ਤੇ ਹਮਲਾ ਕਰ ਦਿੱਤਾ। ਡੀਐੱਮਸੀ ਹਸਪਤਾਲ ’ਚ ਦਾਖਲ ਗੋਰਾ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਲੁਧਿਆਣਾ ਪੁਲੀਸ ਵੱਲੋਂ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਜੋਤ ਸਿੰਘ ਤੇ ਸਰਬਜੀਤ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਇਸ ਮਾਮਲੇ ’ਚ ਦੋਹਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁਲਜ਼ਮਾਂ ਦੇ ਤੀਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪੁਲੀਸ ਨੂੰ ਲਾਡੀ ਬਾਰੇ ਵੀ ਸੂਚਨਾ ਮਿਲ ਚੁੱਕੀ ਹੈ। ਪੁਲੀਸ ਉਸ ਨੂੰ ਕਿਸੇ ਸਮੇਂ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ’ਤੇ ਹਮਲਾ ਕਰਨ ਵਾਲੇ ਤਿੰਨੇ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ। ਨਸ਼ਾ ਛੱਡਣ ਲਈ ਤਿੰਨੇ ਮੁਲਜ਼ਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ’ਚ ਆ ਰਹੇ ਸਨ।

Advertisement

ਗੋਰਾ ਥਾਪਰ ਦੇ ਸੁਰੱਖਿਆ ਮੁਲਾਜ਼ਮ ਖਿਲਾਫ਼ ਵਿਭਾਗੀ ਜਾਂਚ ਸ਼ੁਰੂ

ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗੋਰਾ ਥਾਪਰ ਦੇ ਸੁਰੱਖਿਆ ਮੁਲਾਜ਼ਮ ਏਐੱਸਆਈ ਸੁਖਵੰਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਉਸ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਸ ਨੂੰ ਫਿਲਹਾਲ ਮੁਅੱਤਲ ਤਾਂ ਨਹੀਂ ਕੀਤਾ ਗਿਆ ਪਰ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
‘ਆਪ’ ਆਗੂ ਸਾਹਨੀ ਵੱਲੋਂ ਸਿ਼ਵ ਸੈਨਾ ਆਗੂ ਦੀ ਨਿੰਦਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਵੱਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਲੱਡੂ ਵੰਡਣ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਤਬਾਹੀ ਦਾ ਮਜ਼ਾਕ ਨਾ ਉਡਾਇਆ ਜਾਵੇ ਤੇ ਫਿਰਕੂ ਸਦਭਾਵਨਾ ਕਾਇਮ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਬਹੁਤ ਸੰਤਾਪ ਭੋਗਿਆ ਹੈ। ਉਨ੍ਹਾਂ ਐਕਸ ’ਤੇ ਲਿਖਿਆ, ‘‘ਅਸੀਂ ਕਿਸੇ ਵੀ ਵਿਅਕਤੀ ਵਿਰੁੱਧ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਾਂ ਪਰ ਸੰਦੀਪ ਥਾਪਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਉਣ ਲਈ ਕੁਝ ਸੰਜਮ ਵਰਤਣਾ ਚਾਹੀਦਾ ਸੀ।ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਲੱਡੂ ਵੰਡਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੈ। ਪਿਛਲੇ ਸਾਲ ਵੀ ਉਸ ਨੇ ਪੰਜਾਬ ਦੀ ਤਬਾਹੀ ਦਾ ਮਜ਼ਾਕ ਉਡਾਇਆ ਸੀ, ਜਦੋਂ ਸਾਰਾ ਸੂਬਾ ਹੜ੍ਹਾਂ ਦੀ ਮਾਰ ਹੇਠ ਸੀ।’’ ਉਨ੍ਹਾਂ ਕਿਹਾ ਕਿ ਨਫ਼ਰਤ ਫੈਲਾਉਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Advertisement
Author Image

sanam grng

View all posts

Advertisement