ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਕੋਟਲੀ
ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਸਤੰਬਰ
ਇੱਥੇ ਕਾਂਗਰਸ ਦਫ਼ਤਰ ਵਿੱਚ ਖੰਨਾ ਦੇ ਸਰਗਰਮ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀਆਂ ਹਿੰਸਕ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਨਾਲ ਪੰਜਾਬ ਦੇ ਲੋਕਾਂ ਵਿੱਚ ਡਰ ਹੈ ਅਤੇ ਪੰਜਾਬ ਸਰਕਾਰ ਇਸ ਸਥਿਤੀ ਨੂੰ ਸੰਭਾਲਣ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਹਲਕਾ ਸਮਰਾਲਾ ਦੇ ਕਾਂਗਰਸੀ ਇੰਚਾਰਜ ਰੁਪਿੰਦਰ ਸਿੰਘ ਰਾਜਾਗਿੱਲ ਨੇ ਕਿਹਾ ਕਿ ਜਿਵੇਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੇ ਭਾਰੀ ਜਿੱਤ ਪ੍ਰਾਪਤ ਕੀਤੀ ਸੀ, ਉਸੇ ਤਰ੍ਹਾਂ ਹੁਣ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਵਿੱਚ ਕਾਂਗਰਸ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਭਾਜਪਾ ਨੂੰ ਮੂੰਹ ਦੀ ਖਾਣੀ ਪਵੇਗੀ। ਸ੍ਰੀ ਕੋਟਲੀ ਨੇ ਕਿਹਾ ਕਿ ਪੰਜਾਬ ਵਿਚ ਵਧ ਰਹੀਆਂ ਲੁੱਟਾਂ-ਖੋਹਾਂ ਅਤੇ ਹੋ ਰਹੇ ਕਤਲ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਇਕੋਲਾਹਾ ਤੇ ਹਰੀਸ਼ ਕੁਮਾਰ ਨੋਨਾ ਪਾਇਲ ਆਦਿ ਨੇ ਆਪਣੇ ਵਿਚਾਰ ਰੱਖੇ। ਇਸ ਉਪਰੰਤ ਇੱਥੋਂ ਦੇ 7 ਵਿੱਦਿਅਕ ਅਦਾਰੇ ਚਲਾਉਣ ਵਾਲੀ ਸੰਸਥਾ ਏ ਐੱਸ ਮੈਨੇਜਮੈਂਟ ਐਂਡ ਟਰੱਸਟ ਦੀ ਚੋਣ ਵਿੱਚ ਕਾਂਗਰਸ ਪੱਖੀ ਪੈਨਲ ਦੇ 20 ਵਿੱਚੋਂ 9 ਮੈਂਬਰ ਚੁਣੇ ਜਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਜੇਤੂ ਮੈਬਰਾਂ ਨੂੰ ਸਨਮਾਨਿਤ ਕੀਤਾ ਗਿਆ।