ਕਾਨੂੰਨ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰੋਕਥਾਮ ਬਾਰੇ ਦੱਸਿਆ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 1 ਨਵੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਕੂਲ ਆਫ ਲਾਅ ਨੇ ਪੰਜਾਬ ਵਿੱਚ ਪ੍ਰਦੂਸ਼ਣ ਰੋਕਥਾਮ ਲਈ ਕਾਨੂੰਨੀ ਢਾਂਚੇ ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਸੇਵਾਮੁਕਤ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰਦੂਸ਼ਣ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮਜ਼ਬੂਤ ਕਾਨੂੰਨੀ ਢਾਂਚੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕੁਦਰਤੀ ਸਰੋਤਾਂ ਦੀ ਸੁਰੱਖਿਆ ਵਿੱਚ ਜਨਤਕ ਭਾਗੀਦਾਰੀ ਅਤੇ ਸਰਕਾਰੀ ਜਵਾਬਦੇਹੀ ਦੀ ਵੀ ਵਕਾਲਤ ਕੀਤੀ।
ਉਨ੍ਹਾਂ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਕਾਨੂੰਨੀ ਪ੍ਰਬੰਧਾਂ ਨੂੰ ਸਮਝਣ ਸਗੋਂ ਜ਼ਮੀਨੀ ਪੱਧਰ ’ਤੇ ਟਿਕਾਊ ਅਭਿਆਸਾਂ ਨੂੰ ਲਾਗੂ ਕਰਨ ਅਤੇ ਵਕਾਲਤ ਕਰਨ ਲਈ ਸਰਗਰਮ ਭਾਗੀਦਾਰ ਬਣਨ।
ਵਾਈਸ ਚਾਂਸਲਰ ਪ੍ਰੋ. (ਡਾ.) ਪ੍ਰਿਤਪਾਲ ਸਿੰਘ ਨੇ ਸ੍ਰੀ ਪੰਨੂ ਦਾ ਸਵਾਗਤ ਕਰਦਿਆਂ ਪਟਾਕਿਆਂ ਦੇ ਵਾਤਾਵਰਨ ’ਤੇ ਪੈ ਰਹੇ ਪ੍ਰਭਾਵਾਂ ਬਾਰੇ ਦੱਸਿਆ। ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਪ੍ਰਦੂਸ਼ਣ ਕੰਟਰੋਲ ਦੇ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇੰਚਾਰਜ ਡਾ. ਨਵਨੀਤ ਕੌਰ ਨੇ ਧੰਨਵਾਦ ਕੀਤਾ।