ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਸਿਰਜੋੜ ਕੇ ਬੈਠੇ ਵਕੀਲ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 24 ਨਵੰਬਰ
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਪੰਜਾਬ ਯੂਨਿਟ ਦੀ ਮੀਟਿੰਗ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਦਰਸ਼ਨ ਸਿੰਘ ਧਾਲੀਵਾਲ, ਸੂਬਾ ਪ੍ਰਧਾਨ ਨਵਲ ਛਿੱਬੜ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਨੇਹਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਵਕੀਲਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਫੌਜਦਾਰੀ ਕਾਨੂੰਨ ਗ਼ਲਤ ਤਰੀਕੇ ਨਾਲ ਲਾਗੂ ਕੀਤੇ ਗਏ ਹਨ। ਐਸੋਸੀਏਸ਼ਨ ਨੇ ਕੇਂਦਰ ਸਰਕਾਰ ਵੱਲੋਂ ਸੰਵਿਧਾਨ ਖ਼ਤਮ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦੀ ਨਿਖੇਧੀ ਕਰਦਿਆਂ ਵਕੀਲ ਭਾਈਚਾਰੇ ਸਮੇਤ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਸੰਵਿਧਾਨ ਬਚਾਉਣ ਲਈ ਸੰਘਰਸ਼ ਵਿੱਢਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਸੂਬਾ ਪ੍ਰਧਾਨ ਨਵਲ ਕੁਮਾਰ ਛਿੱਬੜ ਨੇ ਵਕੀਲਾਂ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪਾਲ ਸਿੰਘ ਦੱਪਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਉੱਤੇ ਹਮਲੇ ਕੀਤੇ ਜਾ ਰਹੇ ਹਨ। ਹਰਚੰਦ ਸਿੰਘ ਬਾਠ ਨੇ ਦੇਸ਼ ਦੀ ਰਾਜਨੀਤੀ ਬਾਰੇ ਚਾਨਣਾ ਪਾਇਆ।