ਸਫ਼ਾਈ ਦੇ ਮਾਮਲੇ ’ਚ ਢਿੱਲ ਬਰਦਾਸ਼ਤ ਨਹੀਂ: ਕਮਿਸ਼ਨਰ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਨਵੰਬਰ
ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਜ਼ੋਨਲ ਕਮਿਸ਼ਨਰਾਂ ਸਮੇਤ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ’ਤੇ ਆਪਣੇ-ਆਪਣੇ ਇਲਾਕਿਆਂ ਵਿੱਚ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੇਚਲਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿੱਚ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਸਫ਼ਾਈ ਦੇ ਸੰਦਰਭ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡੇਚਲਵਾਲ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ। ਡੇਚਲਵਾਲ ਨੇ ਦੱਸਿਆ ਕਿ ਸ਼ਹਿਰ ਵਿੱਚ ਪਹਿਲਾਂ ਹੀ ਵਿਆਪਕ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਆਧਾਰ ’ਤੇ ਆਪੋ-ਆਪਣੇ ਇਲਾਕਿਆਂ ਵਿੱਚ ਫੀਲਡ ਨਿਰੀਖਣ ਕਰਨ। ਉਨ੍ਹਾਂ ਨੂੰ ਰੋਜ਼ਾਨਾ ਆਧਾਰ ’ਤੇ ਸਵੀਪਰਾਂ ਦੀ ਹਾਜ਼ਰੀ ਚੈੱਕ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਡੇਚਲਵਾਲ ਨੇ ਅੱਗੇ ਕਿਹਾ ਕਿ ਉਹ ਖੁਦ ਵੀ ਆਉਣ ਵਾਲੇ ਦਿਨਾਂ ਵਿੱਚ ਅਚਨਚੇਤ ਨਿਰੀਖਣ ਕਰਨਗੇ। ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਚੇਤਨ ਬੰਗੜ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਤੇ ਹੋਰ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।