ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਦਰਬਾਰ ਸਾਹਿਬ ਨਤਮਸਤਕ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਜੁਲਾਈ
ਸ਼੍ੋਮਣੀ ਅਕਾਲੀ ਦਲ ਦੇ ਨਾਰਾਜ਼ ਅਕਾਲੀ ਧੜੇ ਵੱਲੋਂ ਸ਼ੁਰੂ ਕੀਤੀ ਗਈ ‘ਸ਼੍ੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂਆਂ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦਾ ਮਨੋਰਥ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਦੀ ਸਾਖ਼ ਨੂੰ ਬਹਾਲ ਕਰਨਾ ਹੈ। ਉਨ੍ਹਾਂ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਘਰ ਵਿੱਚ ਸਫਲਤਾ ਦੀ ਅਰਦਾਸ ਕੀਤੀ। ਇਸ ਮੌਕੇ ਭਾਈ ਮਨਜੀਤ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ ਸਣੇ ਹੋਰ ਆਗੂ ਹਾਜ਼ਰ ਸਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਉਨ੍ਹਾਂ ਦਾ ਮੰਤਵ ਕਿਸੇ ਨੂੰ ਨੀਵਾਂ ਦਿਖਾਉਣਾ ਨਹੀਂ ਹੈ ਸਗੋਂ ਉਹ ਪਾਰਟੀ ਦੀ ਮਜ਼ਬੂਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਲੀਡਰਸ਼ਿਪ ਕੋਲੋਂ ਕਈ ਗਲਤੀਆਂ ਹੋਈਆਂ ਹਨ, ਜਿਨ੍ਹਾਂ ਕਾਰਨ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਹੈ ਅਤੇ ਲੋਕ ਪਾਰਟੀ ਤੋਂ ਖਫ਼ਾ ਹਨ। ਇਸ ਸਬੰਧੀ ਸ੍ਰੀ ਅਕਾਲ ਤਖਤ ਤੋਂ ਖਿਮਾ ਯਾਚਨਾ ਦੀ ਮੰਗ ਕੀਤੀ ਗਈ ਹੈ ਅਤੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਉਪਰੰਤ ਪਾਰਟੀ ਵਿੱਚ ਸੁਧਾਰ ਸਬੰਧੀ ਅਗਲੇਰੇ ਕੰਮ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਸ਼੍ੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਸ੍ਰੀ ਅਕਾਲ ਤਖਤ ’ਤੇ 1 ਜੁਲਾਈ ਨੂੰ ਦਿੱਤੇ ਗਏ ਪੱਤਰ ਉੱਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖਤ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਦੇ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਵੀ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁੰਗਾਰਾ ਭਰਿਆ ਹੈ।