ਧਾਂਦਲੀਆਂ ਖ਼ਿਲਾਫ਼ ਇੱਕਜੁਟ ਹੋਏ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ
ਖੇਤਰੀ ਪ੍ਰਤੀਨਿਧ
ਪਟਿਆਲਾ, 16 ਅਕਤੂਬਰ
ਪੰਚਾਇਤਾਂ ਦੀਆਂ ਮੁਕੰਮਲ ਹੋਈਆਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ’ਚ ‘ਆਪ’ ਦੇ ਕੁਝ ਵਿਧਾਇਕਾਂ ’ਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀਆਂ, ਵਧੀਕੀਆਂ ਅਤੇ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅੱਜ ਇਥੇ ਐੱਸਐੱਸਪੀ ਡਾ. ਨਾਨਕ ਸਿੰਘ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸਿਆਸੀ ਆਗੂਆਂ ’ਚ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚੇ ਦੀ ਸੂਬਾਈ ਪ੍ਰਧਾਨ ਜੈਇੰਦਰ ਕੌਰ, ਭਾਜਪਾ ਦੇ ਸੂਬਾਈ ਆਗੂ ਹਰਵਿੰਦਰ ਹਰਪਾਲਪੁਰ, ਸੁਰਿੰਦਰ ਖੇੜਕੀ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ, ਸਾਬਕਾ ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸਨੌਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹੈਰੀ ਮਾਨ ਸਮੇਤ ਕਈ ਹੋਰ ਸ਼ਾਮਲ ਸਨ। ਇਸ ਵਫਦ ਦਾ ਕਹਿਣਾ ਸੀ ਕਿ ਇਨ੍ਹਾਂ ਚੋਣਾਂ ਦੌਰਾਨ ਕਈ ਪਿੰਡਾਂ ਵਿੱਚ ‘ਆਪ’ ਦੇ ਵਿਧਾਇਕਾਂ ਦੀ ਕਥਿਤ ਸਰਪ੍ਰਸਤੀ ਹੇਠ ‘ਆਪ’ ਆਗੂਆਂ ਅਤੇ ਵਰਕਰਾ ਨੇ ਕਥਿਤ ਰੂਪ ’ਚ ਗੁੰਡਾਗਰਦੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੌਰਾਨ ਨਾ ਸਿਰਫ਼ ਬੂਥਾਂ ’ਤੇ ਕਬਜ਼ੇ ਕੀਤੇ ਗਏ, ਬਲਕਿ ਸਰਕਾਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਹਮਾਇਤੀਆਂ ’ਤੇ ਗੋਲ਼ੀਆ, ਡਾਂਗਾਂ ਤੇ ਪੱਥਰ ਵੀ ਚਲਾਏ ਗਏ। ਜਿਸ ਸਬੰਧੀ ਸ਼ਾਦੀਪੁਰ, ਖੁੱਡਾ, ਕਰੀਮਨਗਰ ਤੇ ਚਿੱਚੜਵਾਲ ਸਮੇਤ ਕੁਝ ਹੋਰ ਪਿੰਡਾਂ ਦੀਆਂ ਵੀਡੀਓ ਅਤੇ ਤਸਵੀਰਾਂ ਵੀ ਦਿਖਾਈਆਂ। ਪ੍ਰਨੀਤ ਕੌਰ, ਹੈਰੀ ਮਾਨ ਤੇ ਹਰਿੰਦਰਪਾਲ ਚੰਦੂਮਾਜਰਾ ਦਾ ਕਹਿਣਾ ਸੀ ਕਿ ਇਹ ਪੂਰੀ ਤਰ੍ਹਾਂ ਜਮਹੂਰੀਅਤ ਦਾ ਕਤਲ ਕਰਨ ਬਰਾਬਰ ਹੈ। ਆਗੂਆਂ ਨੇ ਅਜਿਹੇ ਸਾਰੇ ਮਾਮਲਿਆਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਦੌਰਾਨ ਵਫ਼ਦ ਨੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਬਾਜੀਗਰ ਤੇ ਸਨੌਰ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਆਗੂ ਹਰਿੰਦਰਪਾਲ ਹਰਪਾਲਪੁਰ ਤੇ ਅਕਾਲੀ ਆਗੂ ਹਰਿੰਦਰਪਾਲ ਚੰਦੂਮਾਜਰਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਜਨਤਕ ਜਥੇਬੰਦੀਆਂ ਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਉਲੀਕਣਗੇ। ਭਾਜਪਾ ਆਗੂ ਜਸਪਾਲ ਗਗਰੌਲੀ ਨੇ ਦੱਸਿਆ ਕਿ ਇਸ ਦੌਰਾਨ ਡਾ. ਨਾਨਕ ਸਿੰਘ ਨੇ ਭਰੋਸਾ ਦਿਵਾਇਆ ਕਿ ਜਾਂਚ ਜਾਰੀ ਹੈ ਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਸੰਪਰਕ ਕਰਨ ’ਤੇ ਹਰਮੀਤ ਪਠਾਣਮਾਜਰਾ ਤੇ ਕੁਲਵੰਤ ਬਾਜੀਗਰ ਦਾ ਕਹਿਣਾ ਸੀ ਕਿ ਕਿਉਂਕਿ ਇਨ੍ਹਾਂ ਧਿਰਾਂ ਨੂੰ ਲੋਕਾਂ ਨੇ ਸਵੀਕਾਰ ਨਹੀਂ ਕੀਤਾ ਇਸ ਕਰਕੇ ਇਹ ‘ਆਪ’ ਨੂੰ ਬਦਨਾਮ ਕਰ ਰਹੇ ਹਨ।