ਖ਼ਾਲਸਾ ਕਾਲਜ ਵਿੱਚ ਨੈਤਿਕ ਕਦਰਾਂ-ਕੀਮਤਾਂ ਬਾਰੇ ਲੈਕਚਰ
ਨਿੱਜੀ ਪੱਤਰ ਪ੍ਰੇਰਕ
ਖੰਨਾ, 30 ਅਕਤੂਬਰ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪ੍ਰਮੁੱਖ ਵਕਤਾ ਦੇ ਤੌਰ ’ਤੇ ਸ਼ਾਮਲ ਹੋਏ ਡਾਇਰੈਕਟਰ, ਯੂਥ ਵੈੱਲਫੇਅਰ ਸਰਵਿਸ ਦਵਿੰਦਰ ਸਿੰਘ ਲੋਟੇ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਸੱਭਿਆਚਾਰ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਇੱਕ-ਇੱਕ ਪੌਦਾ ਲਗਾਉਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਨਸ਼ਿਆਂ ਖਿਲਾਫ਼ ਪੋਸਟਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਪਹਿਲੇ, ਦੂਜੇ ਤੇ ਤੀਜੇ ਦਰਜੇ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਲਈ ਪ੍ਰੇਰਿਤ ਕਰਦਿਆਂ ਬੂਟਿਆਂ ਦਾ ਲੰਗਰ ਲਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਜ਼ਿੰਦਗੀ ਜਿਉਣ ਅਤੇ ਮਾਪਿਆਂ ਤੇ ਅਧਿਆਪਕਾਂ ਦੀ ਅਸੀਸ ਦੀ ਮਹੱਤਤਾ ਬਾਰੇ ਦੱਸਦਿਆਂ ਮਿਹਨਤ ਕਰ ਕੇ ਚੰਗੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।