ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੱਬੇ ਪੱਖੀ ਧਿਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਰੋਸ ਮੁਜ਼ਾਹਰਾ

10:49 AM Sep 16, 2024 IST
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਦਿੰਦੇ ਹੋਏ ਆਰਐੱਮਪੀਆਈ ਅਤੇ ਸੀਪੀਆਈਐੱਮ ਲਿਬਰੇਸ਼ਨ ਦੇ ਕਾਰਕੁਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਸਤੰਬਰ
ਆਰਐੱਮਪੀਆਈ ਅਤੇ ਸੀਪੀਆਈਐੱਮ ਲਿਬਰੇਸ਼ਨ ਵੱਲੋਂ ਕਿਸਾਨ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਇੱਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਦੋਵੇਂ ਪਾਰਟੀਆਂ ਦੀ ਅਗਵਾਈ ਹੇਠ ਕਾਰਕੁਨ ਅੱਜ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ, ਜਿੱਥੇ ਪੁਲੀਸ ਨੇ ਸਖਤ ਨਾਕੇਬੰਦੀ ਕਰਕੇ ਰੋਕ ਲਿਆ। ਇਸ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਠੱਪ ਕਰਕੇ ਸੜਕ ’ਤੇ ਹੀ ਰੋਸ ਧਰਨਾ ਦਿੱਤਾ।
ਮਾਰਚ ਅਤੇ ਧਰਨੇ ਦੀ ਅਗਵਾਈ ਕਾਮਰੇਡ ਦੇਵ ਰਾਜ ਵਰਮਾ, ਊਧਮ ਸਿੰਘ ਸੰਤੋਖਪੁਰਾ, ਜਸਮੇਲ ਕੌਰ ਬੀਰ ਕਲਾਂ, ਮੱਖਣ ਸਿੰਘ ਜਖੇਪਲ, ਬਿੱਟੂ ਖੋਖਰ ਅਤੇ ਘੁਮੰਡ ਸਿੰਘ ਉਗਰਾਹਾਂ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ’ਤੇ ਹਨ ਪਰ ਇਨ੍ਹਾਂ ਵਰਗਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਸੰਭਾਲਦਿਆਂ ਦਾਅਵਾ ਕੀਤਾ ਸੀ ਕਿ ਕਿਸੇ ਵੀ ਵਰਗ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਧਰਨੇ ਨਹੀਂ ਦੇਣੇ ਪੈਣਗੇ ਸਗੋਂ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਬੁਲਾਰਿਆਂ ਨੇ ਮੰਗ ਕੀਤੀ ਕਿ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇ, ਘੱਟੋ-ਘੱਟ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਚਾਰ ਕਿਰਤ ਕਾਨੂੰਨ ਵਾਪਸ ਲਏ ਜਾਣ, ਪਾਣੀ ਦੇ ਮਸਲੇ ਦਾ ਨਿਬੇੜਾ ਕੀਤਾ ਜਾਵੇ, ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦਿੱਤੇ ਜਾਣ, ਸਰਹੱਦੀ ਸੂਬਾ ਹੋਣ ਕਰਕੇ ਵਿਸ਼ੇਸ਼ ਵਿੱਤੀ ਲਾਭ ਦਿੱਤਾ ਜਾਵੇ, ਰੇਤਾ ਬਜਰੀ ਦੀ ਨਾਜਾਇਜ਼ ਮਾਇਨਿੰਗ ਬੰਦ ਕਰਕੇ ਸਸਤੇ ਰੇਟਾਂ ’ਤੇ ਮੁਹੱਈਆ ਕਰਵਾਇਆ ਜਾਵੇ, ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇ, ਬੇ-ਜ਼ਮੀਨੇ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਕਿਸਾਨ, ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਵਾਅਦਿਆਂ ਤੋਂ ਮੁੱਕਰਨ ਕਾਰਨ ਲੋਕਾਂ ਵਿੱਚ ਸੂਬਾ ਸਰਕਾਰ ਖ਼ਿਲਾਫ਼ ਰੋਸ ਹੈ।

Advertisement

Advertisement