For the best experience, open
https://m.punjabitribuneonline.com
on your mobile browser.
Advertisement

ਸਿੱਖਾਂ ’ਤੇ ਹਮਲਿਆਂ ਖ਼ਿਲਾਫ਼ ਇਕਜੁੱਟ ਹੋਵੇ ਕੌਮ: ਜਥੇਦਾਰ

09:55 PM Jun 23, 2023 IST
ਸਿੱਖਾਂ ’ਤੇ ਹਮਲਿਆਂ ਖ਼ਿਲਾਫ਼ ਇਕਜੁੱਟ ਹੋਵੇ ਕੌਮ  ਜਥੇਦਾਰ
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 6 ਜੂਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ‘ਚ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂਅ ਖਾਸ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਸਾਕਾ ਨੀਲਾ ਤਾਰਾ ਅਤੇ ਹੋਰ ਹਮਲਿਆਂ ਦਾ ਨਿਆਂ ਹੁਕਮਰਾਨਾਂ ਕੋਲੋਂ ਮੰਗਣ ਦੀ ਲੋੜ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਸਮੁੱਚੀ ਸਿੱਖ ਸ਼ਕਤੀ ਇਕਜੁੱਟ ਹੋਵੇ, ਜਿਸ ਅੱਗੇ ਸਰਕਾਰਾਂ ਖੁਦ ਝੁਕਣ ਵਾਸਤੇ ਮਜਬੂਰ ਹੋਣਗੀਆਂ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਨੂੰ ਇੱਕਜੁਟ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਹ ਘੱਲੂਘਾਰਾ ਸਿੱਖਾਂ ਦੇ ਦਿਲ ‘ਤੇ ਲੱਗੇ ਗਹਿਰੇ ਜ਼ਖ਼ਮ ਹਨ। ਉਨ੍ਹਾਂ ਸਮੇਂ ਦੀਆਂ ਸਰਕਾਰਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ ਹੈ, ਬਲਕਿ ਇਸ ਨੂੰ ਯਾਦ ਕਰ ਕੇ ਕੌਮ ਹੋਰ ਮਜ਼ਬੂਤ ਹੁੰਦੀ ਹੈ।

ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਇਕੱਠੇ ਹੋਏ ਦਲ ਖਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਮਾਨ ਦਲ ਤੇ ਹੋਰ ਗਰਮਖਿਆਲੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਖਾਲਿਸਤਾਨ ਅਤੇ ਸੰਤ ਭਿੰਡਰਾਂਵਾਲਾ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੱਖਰੇ ਤੌਰ ‘ਤੇ ਸ਼ਹੀਦੀ ਯਾਦਗਾਰ ਦੀਆਂ ਪੌੜੀਆਂ ਵਿੱਚ ਖੜ੍ਹੇ ਹੋ ਕੇ ਆਖਿਆ ਕਿ ਅੱਜ ਦਾ ਦਿਹਾੜਾ ਚਿੰਤਨ ਅਤੇ ਮੰਥਨ ਕਰਨ ਦਾ ਵੀ ਹੈ ਪਰ ਇਸ ਮੌਕੇ ਇੱਥੇ ਆਉਂਦੇ ਸਮੂਹ ਸਿੱਖ ਆਗੂ ਸਿਰਫ ਸਿਆਸੀ ਰੋਟੀਆਂ ਸੇਕ ਕੇ ਚਲੇ ਜਾਂਦੇ ਹਨ। ਅੱਜ ਤੱਕ ਕਦੇ ਵੀ ਭਵਿੱਖ ਦੀ ਚਿੰਤਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਫੌਜੀ ਹਮਲੇ ਤੋਂ ਸਬਕ ਸਿੱਖਣ ਦੀ ਲੋੜ ਹੈ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸਾਰੇ ਰਸਤਿਆਂ ਅਤੇ ਆਲੇ-ਦੁਆਲੇ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਆਦਿ ਹਾਜ਼ਰ ਸਨ।

ਦਲ ਖਾਲਸਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਸੱਦੇ ਦੇ ਤਹਿਤ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕੇ ਵਿੱਚ ਦੁਕਾਨਾਂ, ਕਾਰੋਬਾਰੀ ਤੇ ਵਪਾਰਕ ਅਦਾਰੇ ਮੁਕੰਮਲ ਤੌਰ ‘ਤੇ ਬੰਦ ਰਹੇ। ਉਥੇ ਹੀ ਕਿਸੇ ਵੀ ਸਿੱਖ ਜਥੇਬੰਦੀ ਵੱਲੋਂ ਆਵਾਜਾਈ ਨੂੰ ਰੋਕਣ ਦਾ ਯਤਨ ਨਹੀਂ ਕੀਤਾ ਗਿਆ ਅਤੇ ਨਾ ਹੀ ਦੁਕਾਨਾਂ ਅਤੇ ਕਾਰੋਬਾਰ ਬੰਦ ਕਰਵਾਉਣ ਲਈ ਜਲੂਸ ਆਦਿ ਕੱਢੇ ਗਏ।

ਜ਼ਖ਼ਮੀ ਸਰੂਪ ਦਰਸ਼ਨਾਂ ਲਈ ਰੱਖੇ

ਫ਼ੌਜੀ ਹਮਲੇ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਦਰਸ਼ਨ ਕਰਵਾਉਣ ਲਈ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਗਿਆ। ਇਸ ਬਾਰੇ ਸੰਗਤ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਜਦੋਂ ਤੱਕ ਦੁਨੀਆਂ ਰਹੇਗੀ, ਕਾਂਗਰਸ ਵੱਲੋਂ ਸਿੱਖਾਂ ‘ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ।

Advertisement
Advertisement
Advertisement
×