ਵਲਟੋਹਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ: ਕਾਲਕਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਥ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੁਆਉਣ ਵਾਲੇ ਇਹ ਲੋਕ ਅੱਜ ਸਿੰਘ ਸਾਹਿਬ ’ਤੇ ਹੀ ਦਬਾਅ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਵਲਟੋਹਾ ਨੂੰ ਸਹੀ ਤਲਬ ਕੀਤਾ ਹੈ ਤੇ ਹੁਣ ਵਲਟੋਹਾ ਪਾਰਟੀ ਵਿਸ਼ੇਸ਼ ਦੇ ਦਬਾਅ ਦੇ ਲਗਾਏ ਦੋਸ਼ ਦੇ ਸਬੂਤ ਪੇਸ਼ ਕਰਨ ਅਤੇ ਜੇ ਸਬੂਤ ਪੇਸ਼ ਨਹੀਂ ਕਰ ਸਕਦੇ ਤਾਂ ਫਿਰ ਸਿੰਘ ਸਾਹਿਬ ਵਲਟੋਹਾ ਨੂੰ ਪੰਥ ਵਿੱਚੋਂ ਛੇਕਣ ਦਾ ਫੈਸਲਾ ਲੈਣ। ਉਨ੍ਹਾਂ ਕਿਹਾ ਕਿ ਵਲਟੋਹਾ ਨੇ ਜਥੇਦਾਰ ਦੇ ਫੈਸਲਿਆਂ ’ਤੇ ਸਵਾਲ ਚੁੱਕ ਕੇ ਸਮੁੱਚੀ ਕੌਮ ਦੀ ਬਦਨਾਮੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਨੇ ਜਾਣ-ਬੁੱਝ ਕੇ ਜਥੇਦਾਰ ’ਤੇ ਦਬਾਅ ਬਣਾਉਣ ਦਾ ਯਤਨ ਕੀਤਾ ਹੈ ਤਾਂ ਜੋ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਤੁਰੰਤ ਅਕਾਲੀ ਦਲ ਦੀ ਮਰਜ਼ੀ ਮੁਤਾਬਕ ਫੈਸਲਾ ਲੈਣ, ਜਦੋਂ ਕਿ ਜਥੇਦਾਰ ਹਮੇਸ਼ਾ ਕੌਮ ਦੀਆਂ ਭਾਵਨਾਵਾਂ ਅਨੁਸਾਰ ਸਬੂਤਾਂ ਦੇ ਆਧਾਰ ’ਤੇ ਫੈਸਲਾ ਲੈਂਦੇ ਹਨ।