ਸਾਬਕਾ ਜਥੇਦਾਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਕਤੂਬਰ
ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੂੜ ਪ੍ਰਚਾਰ ਵਾਲੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਜਾਵੇ ਕਿ ਪੰਜਾਬ ਸਰਕਾਰ ਜਾਂ ਪੁਲੀਸ ਰਾਹੀਂ ਇਸ ਸਾਜਿਸ਼ੀ ਅਤੇ ਸ਼ਰਾਰਤੀ ਵਰਤਾਰੇ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਹਰ ਪੰਥ ਹਿਤੈਸ਼ੀ ਪੀੜਾ ਵਿੱਚ ਹੈ। ਖਾਸ ਕਰਕੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ੇ ਲਈ ਪਾਈ ਗਈ ਵੀਡੀਓ ਵੱਲ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਦੀ ਜਾਂਚ ਹੋਣੀ ਚਾਹੀਦੀ ਅਤੇ ਸਾਜਿਸ਼ ਕਰਨ ਵਾਲੇ ਤੇ ਸ਼ਰਾਰਤੀ ਅਨਸਰਾਂ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਇਸ ਦੌਰਾਨ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਾਪਰੀ ਘਟਨਾ ਬਾਰੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਕੇ ਅਤੀਤ ਵਿੱਚ ਵੀ ਜਥੇਦਾਰਾਂ ’ਤੇ ਸਿਆਸੀ ਦਬਾਅ ਪਾ ਕੇ ਮਨ ਮਰਜ਼ੀ ਦੇ ਫੈਸਲੇ ਕਰਵਾਏ ਜਾਂਦੇ ਰਹੇ ਹਨ। ਉਨ੍ਹਾਂ ਜਥੇਦਾਰਾਂ ਨੂੰ ਸਲਾਹ ਦਿੱਤੀ ਕਿ ਅਸਤੀਫ਼ੇ ਦੇਣ ਦੀ ਥਾਂ ਉਹ ਇਸ ਨੂੰ ਖਾਲਸਈ ਵੰਗਾਰ ਵਜੋਂ ਲੈਣ ।
ਇਸ ਦੌਰਾਨ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਤੇ ਹੋਰਨਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਦੀ ਸਰਬਉੱਚਤਾ ਤੇ ਮਾਣ ਮਰਿਆਦਾ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਕੌਮੀ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਜਥੇਦਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।