ਵਿਧਾਇਕ ਭੋਲਾ ਵੱਲੋਂ ਸਿਹਤ ਮੰਤਰੀ ਨੂੰ ਪੱਤਰ
ਖੇਤਰੀ ਪ੍ਰਤੀਨਿਧ
ਲੁਧਿਆਣਾ,18 ਜੁਲਾਈ
ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਦੇ ਪੀਜੀਆਈ ਦੀ ਤਰਜ਼ ’ਤੇ ਲੁਧਿਆਣਾ ਵਿੱਚ ਵੀ ਪੀਜੀਆਈ ਹਸਪਤਾਲ ਖੋਲ੍ਹਿਆ ਜਾਵੇ। ਵਿਧਾਇਕ ਗਰੇਵਾਲ ਨੇ ਪੱਤਰ ਵਿੱਚ ਕਿਹਾ ਕਿ ਲੁਧਿਆਣਾ ਸ਼ਹਿਰ ਪੰਜਾਬ ਦਾ ਸਭ ਤੋਂ ਸੰਘਣੀ ਆਬਾਦੀ ਵਾਲਾ ਸ਼ਹਿਰ ਹੈ, ਇਹ ਪੰਜਾਬ ਦਾ ਕੇਂਦਰ ਵੀ ਹੈ। ਸ਼ਹਿਰ ਵਿੱਚ ਸਨਅਤੀ ਇਕਾਈਆਂ ਦੀ ਗਿਣਤੀ ਜ਼ਿਆਦਾ ਹੋਣ ਕਰ ਕੇ ਮਜ਼ਦੂਰਾਂ ਦੀ ਵੱਡੀ ਗਿਣਤੀ ਹੈ, ਜੋ ਮਹਿੰਗਾ ਇਲਾਜ ਨਹੀਂ ਕਰਵਾ ਸਕਦੇ। ਉਨ੍ਹਾਂ ਪੱਤਰ ਰਾਹੀਂ ਦੱਸਿਆ ਕਿ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿੱਚੋਂ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਾਂਦਾ ਹੈ। ਉਥੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਦਾਖ਼ਲ ਨਹੀਂ ਕੀਤਾ ਜਾਂਦਾ। ਵਿਧਾਇਕ ਨੇ ਮੰਤਰੀ ਤੋਂ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਦੀਆਂ ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਲੁਧਿਆਣਾ ਸ਼ਹਿਰ ਵਿੱਚ ਪੀਜੀਆਈ ਹਸਪਤਾਲ ਵਰਗਾ ਹਸਪਤਾਲ ਖੋਲ੍ਹਣ ਨੂੰ ਹਰੀ ਝੰਡੀ ਦਿੱਤੀ ਜਾਵੇ। ਵਿਧਾਇਕ ਗਰੇਵਾਲ ਨੇ ਪੱਤਰ ਰਾਹੀਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀ ਸਿਹਤ ਸੇਵਾਵਾਂ ਨੂੰ ਲੈ ਕੇ ਚਿੰਤਾਜਨਕ ਹਨ।