ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸੁਖਬੀਰ ਅਤੇ ਧਾਮੀ ਖ਼ਿਲਾਫ਼ ਜਥੇਦਾਰ ਨੂੰ ਪੱਤਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਪੱਤਰ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਣੇਕੇ, ਮਹਿੰਦਰ ਸਿੰਘ ਹੁਸੈਨਪੁਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਮਲਕੀਤ ਸਿੰਘ ਸਣੇ ਹੋਰ ਆਗੂਆਂ ਵੱਲੋਂ ਦਿੱਤਾ ਗਿਆ। ਪੱਤਰ ਰਾਹੀਂ ਉਨ੍ਹਾਂ ਦੋਸ਼ ਲਾਇਆ ਕਿ ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਪਰ ਉਹ ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਪ੍ਰਧਾਨ ਅਤੇ ਹੋਰਨਾਂ ਨਾਲ ਸਿੱਧੇ ਤੌਰ ’ਤੇ ਮੀਟਿੰਗਾਂ ਕਰਕੇ ਤਖ਼ਤ ਦੇ ਸਿਧਾਂਤਾਂ ਨੂੰ ਢਾਹ ਲਾ ਰਿਹਾ।
ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਚੁਣਨ ਲਈ ਕੀਤੀਆਂ ਜਾ ਰਹੀਆਂ ਹਨ।
ਇਸੇ ਤਰ੍ਹਾਂ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਅਕਾਲ ਤਖ਼ਤ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਨਹੀਂ ਮੰਨਿਆ ਜਾ ਰਿਹਾ ਅਤੇ ਤਨਖਾਹੀਆ ਕਰਾਰ ਦਿੱਤੇ ਸੁਖਬੀਰ ਨਾਲ ਨਿਰੰਤਰ ਸੰਪਰਕ ਵਿੱਚ ਹਨ। ਸ਼੍ੋਮਣੀ ਕਮੇਟੀ ਦੇ ਮੈਂਬਰਾਂ ਨੇ ਪੱਤਰ ਵਿੱਚ ਨੌਂ ਮੁੱਦੇ ਰੱਖੇ ਹਨ।
ਇਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਾ ਕਰਨਾ। 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸੀਏ ਕੋਹਲੀ ਕੋਲੋਂ ਬਣਦੀ ਕਰੋੜਾਂ ਰੁਪਇਆਂ ਦੀ ਰਕਮ ਹੁਣ ਤੱਕ ਨਾ ਵਸੂਲਣਾ, ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਦਿੱਤੇ ਇਸ਼ਤਿਆਰਾਂ ਬਾਰੇ, ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਹੁਣ ਤੱਕ ਆਪਣੇ ਚੈਨਲ ਚਲਾਉਣ ਵਿੱਚ ਅਸਫ਼ਲ ਰਹਿਣ, ਸ਼੍ੋਮਣੀ ਕਮੇਟੀ ਨੂੰ ਵੰਡ ਕੇ ਹਰਿਆਣਾ ਕਮੇਟੀ ਬਣਾਉਣ ਦੇ ਮਾਮਲੇ ਵਿੱਚ ਵੀ ਸ਼੍ੋਮਣੀ ਅਕਾਲੀ ਦਲ ਅਤੇ ਸ਼੍ੋਮਣੀ ਕਮੇਟੀ ਦੋਵੇਂ ਸਿੱਖ ਕੌਮ ਨੂੰ ਕੋਈ ਠੋਸ ਪ੍ਰੋਗਰਾਮ ਦੇਣ ਵਿੱਚ ਅਸਫ਼ਲ ਰਹੇ। ਇਸ ਤੋਂ ਇਲਾਵਾ ਕੁਝ ਹੋਰ ਵੀ ਦੋਸ਼ ਲਾਏ ਗਏ ਹਨ।