ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ
ਚਰਨਜੀਤ ਭੁੱਲਰ
ਚੰਡੀਗੜ੍ਹ, 10 ਅਪਰੈਲ
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤ ਸਰਕਾਰ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪਰੈਲ ਨੂੰ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਸੰਸਦ ਮੈਂਬਰ ਰੰਧਾਵਾ ਨੇ ਪਹਿਲਾਂ ਵੀ ਇਸ ਬਾਰੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਅੰਦਰੂਨੀ ਚੋਣ ਪ੍ਰਕਿਰਿਆ ’ਚ ਤਕਨੀਕੀ ਤੇ ਵਿੱਤੀ ਗੜਬੜ ਹੋਣ ਦੀ ਗੱਲ ਆਖੀ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ 12 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਡੈਲੀਗੇਟ ਇਜਲਾਸ ਹੋਣਾ ਹੈ। ਰੰਧਾਵਾ ਨੇ ਪੱਤਰ ’ਚ ਕਿਹਾ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਪਲੈਕਸ ਵਿੱਚ ਪੈਂਦਾ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਆਪਣਾ ਸੰਵਿਧਾਨ ਹੈ। ਸ਼੍ਰੋਮਣੀ ਕਮੇਟੀ ਦੀ ਹਦੂਦ ’ਚ ਧਾਰਮਿਕ ਸਥਾਨ ’ਤੇ ਡੈਲੀਗੇਟ ਇਜਲਾਸ ਕਰਨਾ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ’ਚ ਪਾਰਦਰਸ਼ਤਾ ਨਾ ਹੋਣ ਸਬੰਧੀ ਵਿਚ ਉਂਗਲ ਚੁੱਕੀ ਹੈ।