ਨਾਰਾਜ਼ ਧੜੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਅਕਾਲ ਤਖ਼ਤ ਨੂੰ ਪੱਤਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਸਾਬਕਾ ਤੇ ਮੌਜੂਦਾ ਮੈਂਬਰਾਂ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇੱਕ ਪੱਤਰ ਸੌਂਪਿਆ। ਇਸ ਪੱਤਰ ਵਿੱਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਧੜੇ ਖ਼ਿਲਾਫ਼ ਗੰਭੀਰ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੱਤਰ ਸੌਂਪਣ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਨ, ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਕਿਰਨਜੋਤ ਕੌਰ, ਪਰਮਜੀਤ ਸਿੰਘ ਰਾਏਪੁਰ, ਜਥੇਦਾਰ ਹਰਦੇਵ ਸਿੰਘ, ਤੇਜਾ ਸਿੰਘ ਕਮਾਲ ਪੁਰ, ਸਾਬਕਾ ਮੈਂਬਰ ਹਰਬੰਸ ਸਿੰਘ ਮੰਝਪੁਰ ਸ਼ਾਮਲ ਹਨ। ਹਾਲਾਂਕਿ, ਜਥੇਦਾਰ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ ਨਹੀਂ ਮਿਲੇ ਪਰ ਉਨ੍ਹਾਂ ਨੇ ਅਕਾਲ ਤਖਤ ਦੇ ਸਕੱਤਰੇਤ ਵਿਖੇ ਆਪਣਾ ਦਰਖਾਸਤ ਰੂਪੀ ਪੱਤਰ ਦਿੱਤਾ। ਬਾਅਦ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਨਾਰਾਜ਼ ਧੜੇ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ 2 ਦਸੰਬਰ ਨੂੰ ਅਕਾਲ ਤਖ਼ਤ ਦੇ ਸਨਮੁਖ ਆਪਣੇ ਦੋਸ਼ ਕਬੂਲੇ ਸਨ ਅਤੇ ਇਸ ਸਬੰਧੀ ਤਨਖਾਹ ਵੀ ਲਾਈ ਗਈ ਸੀ।
ਹੁਣ ਉਹ ਕਹਿ ਰਹੇ ਹਨ ਕਿ ਉਨ੍ਹਾਂ ਦਾ ਕੋਈ ਦੋਸ਼ ਨਹੀਂ, ਉਂਝ ਹੀ ਸਾਰੇ ਗੁਨਾਹ ਉਨ੍ਹਾਂ ਆਪਣੇ ਸਿਰ ਲੈ ਲਏ ਸਨ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹ ਇੱਕ ਕੋਝਾ ਮਜ਼ਾਕ ਹੈ ਅਤੇ ਇਸ ਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਪੱਤਰ ਵਿੱਚ ਦੂਜਾ ਮਾਮਲਾ ਅਕਾਲ ਤਖਤ ਵੱਲੋਂ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਅਣਗੌਲਿਆਂ ਕਰਨ ਅਤੇ ਹੁਕਮਾਂ ਦੀ ਉਲੰਘਣਾ ਕਰਨ ਦਾ ਰੱਖਿਆ। ਉਨ੍ਹਾਂ ਦੋਸ਼ ਲਾਇਆ ਕਿ ਅਕਾਲ ਤਖਤ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖ਼ਰ-ਏ-ਕੌਮ ਵਾਪਸ ਲੈ ਲਿਆ ਗਿਆ ਸੀ, ਜਦੋਂਕਿ ਅਕਾਲੀ ਆਗੂ ਹੁਣ ਲੋਕਾਂ ਕੋਲੋਂ ਹੱਥ ਖੜ੍ਹੇ ਕਰਵਾ ਕੇ ਇਸ ਮਾਮਲੇ ਨੂੰ ਮੁੜ ਵਿਚਾਰਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਗ਼ਲਤੀਆਂ ਲਈ ਸੁਖਬੀਰ ਬਾਦਲ ਤੇ ਹੋਰਨਾ ਖ਼ਿਲਾਫ ਕਾਰਵਾਈ ਕੀਤੀ ਜਾਵੇ।
ਸਾਬਕਾ ਸੰਸਦ ਮੈਂਬਰ ਨੇ ਅਕਾਲੀ ਦਲ ਦੀ ਭਰਤੀ ’ਤੇ ਸਵਾਲ ਉਠਾਏ
ਪ੍ਰਤੀਕਰਮ ਦਿੰਦੇ ਹੋਏ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ। ਅਜਨਾਲਾ (ਸੁਖਦੇਵ ਸਿੰਘ): ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰਕੇ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੇ ਹੁਕਮਾਂ ਨੂੰ ਨਾ ਮੰਨ ਕੇ ਅਕਾਲੀ ਦਲ ਵੱਡੀ ਗ਼ਲਤੀ ਕਰ ਰਿਹਾ ਹੈ ਕਿਉਂਕਿ ਲੋਕਾਂ ’ਚ ਪਹਿਲਾਂ ਹੀ ਅਕਾਲੀ ਲੀਡਰਸ਼ਿਪ ਖ਼ਿਲਾਫ਼ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਮੁੜ ਪ੍ਰਧਾਨ ਬਣਾਇਆ ਗਿਆ ਤਾਂ ਅਕਾਲੀ ਦਲ ਕਦੇ ਵੀ ਅੱਗੇ ਨਹੀਂ ਆ ਸਕੇਗਾ। ਜ਼ਿਕਰਯੋਗ ਹੈ ਕਿ ਡਾ. ਰਤਨ ਸਿੰਘ ਅਜਨਾਲਾ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਦੋ ਵਾਰ ਲੋਕ ਸਭਾ ਹਲਕਾ ਤਰਨ ਤਾਰਨ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।