ਲਿਬਰੇਸ਼ਨ ਵੱਲੋਂ ‘ਰਿਜ਼ਰਵੇਸ਼ਨ ਚੋਰ ਫੜੋ’ ਮੋਰਚੇ ਦਾ ਸਮਰਥਨ
ਪੱਤਰ ਪ੍ਰੇਰਕ
ਮਾਨਸਾ, 10 ਜੂਨ
ਸੀਪੀਆਈ (ਐਮ.ਐਲ) ਲਿਬਰੇਸ਼ਨ ਨੇ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਲਈ ਦਲਿਤ ਜਥੇਬੰਦੀਆਂ ਵੱਲੋਂ ਲਾਏ ‘ਰਿਜ਼ਰਵੇਸ਼ਨ ਚੋਰ ਫੜੋ’ ਮੋਰਚੇ ਦਾ ਸਮਰਥਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਅਜਿਹੀ ਧੋਖਾਧੜੀ ਕਰ ਕੇ ਦਲਿਤ ਵਰਗ ਦੇ ਹੱਕਦਾਰਾਂ ਦਾ ਹੱਕ ਮਾਰਨ ਵਾਲੇ ਸਾਰੇ ਨੌਕਰੀਆਂ ਕਰ ਰਹੇ ਜਾਂ ਸੇਵਾਮੁਕਤ ਹੋ ਚੁੱਕੇ ਸਰਕਾਰੀ ਅਫ਼ਸਰਾਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਜਾਂਚ ਕਰ ਕੇ ਪੁਲੀਸ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ। ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਅਜਿਹਾ ਧੋਖਾ ਕਰਨ ਵਾਲਿਆਂ ਨੇ ਸਪੱਸ਼ਟ ਤੌਰ ‘ਤੇ ਕਿਸੇ ਐਸਸੀ ਉਮੀਦਵਾਰ ਦਾ ਹੱਕ ਮਾਰ ਕੇ ਨੌਕਰੀ ਹਾਸਲ ਕੀਤੀ ਹੈ, ਇਸ ਲਈ ਹੇਰਾਫੇਰੀ ਨਾਲ ਗ਼ਲਤ ਜਾਤੀ ਸਰਟੀਫਿਕੇਟ ਬਣਵਾਉਣ ਵਾਲੇ ਅਤੇ ਉਨ੍ਹਾਂ ਦੀ ਤਸਦੀਕ ਕਰਨ ਵਾਲੇ ਸਾਰੇ ਗੁਨਾਹਗਾਰਾਂ ਖ਼ਿਲਾਫ਼ ਫਾਸਟ ਟਰੈਕ ਅਦਾਲਤਾਂ ‘ਚ ਕੇਸਾਂ ਦੀ ਸੁਣਵਾਈ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਅਤੇ ਜੁਰਮਾਨੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਾਅਲੀ ਸਰਟੀਫਿਕੇਟਾਂ ਦਾ ਇਹ ਵਰਤਾਰਾ ਖ਼ਾਸ ਕਰ ਅਫ਼ਸਰਸ਼ਾਹੀ ਵਿਚ ਵੱਡੇ ਪੱਧਰ ‘ਤੇ ਫੈਲਿਆ ਹੋ ਸਕਦਾ ਹੈ।