For the best experience, open
https://m.punjabitribuneonline.com
on your mobile browser.
Advertisement

ਜਿ਼ੰਦਗੀ ਤੇ ਆਜ਼ਾਦੀ ਬੇਹੱਦ ਅਹਿਮ: ਸੁਪਰੀਮ ਕੋਰਟ

06:55 AM May 01, 2024 IST
ਜਿ਼ੰਦਗੀ ਤੇ ਆਜ਼ਾਦੀ ਬੇਹੱਦ ਅਹਿਮ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 30 ਅਪਰੈਲ
ਸੁਪਰੀਮ ਕੋਰਟ ਨੇ ਜ਼ਿੰਦਗੀ ਤੇ ਆਜ਼ਾਦੀ ਨੂੰ ‘ਬੇਹੱਦ ਅਹਿਮ’ ਕਰਾਰ ਦਿੰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਗ੍ਰਿਫ਼ਤਾਰ ਕੀਤੇ ਜਾਣ ਦੇ ਸਮੇਂ ਬਾਰੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸਵਾਲ ਕੀਤਾ ਹੈ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਕਰ ਰਿਹਾ ਸੀ। ਬੈਂਚ ਨੇ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸ.ਵੀ.ਰਾਜੂ ਨੂੰ ਪੁੱਛੇ ਤਿੰਨ ਸਵਾਲਾਂ ਦੇ ਸ਼ੁੱਕਰਵਾਰ ਤੱਕ ਜਵਾਬ ਮੰਗੇ ਹਨ।
ਬੈਂਚ ਨੇ ਰਾਜੂ ਨੂੰ ਕਿਹਾ, ‘‘ਜ਼ਿੰਦਗੀ ਤੇ ਆਜ਼ਾਦੀ ਬੇਹੱਦ ਅਹਿਮ ਹਨ। ਤੁਸੀਂ ਇਸ ਤੋਂ ਮੁਨਕਰ ਨਹੀਂ ਹੋ ਸਕਦੇ। ਬੈਂਚ ਨੇ ਕਿਹਾ, ‘‘ਆਖਰੀ ਸਵਾਲ ਗ੍ਰਿਫ਼ਤਾਰੀ ਦੇ ਸਮੇਂ, ਜੋ ਆਮ ਚੋਣਾਂ ਤੋਂ ਐਨ ਪਹਿਲਾਂ ਹੋਈ, ਨੂੰ ਲੈ ਕੇ ਹੈ ਅਤੇ ਜਿਸ ਬਾਰੇ ਉਨ੍ਹਾਂ (ਦੂਜੀ ਧਿਰ) ਇਤਰਾਜ਼ ਕੀਤਾ ਹੈ।’’ ਬੈਂਚ ਨੇ ਕੇਸ ਵਿਚ ਅਦਾਲਤੀ ਕਾਰਵਾਈ ਦੀ ਸ਼ੁਰੂਆਤ ਤੇ ਗ੍ਰਿਫ਼ਤਾਰੀ ਵਿਚਾਲੇ ਲੰਮੇ ਸਮੇਂ ਦੇ ਖੱਪੇ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਕਾਲੇ ਧਨ ਨੂੰ ਸਫੇਦ ਬਣਾਉਣ ਤੋਂ ਰੋਕਦੇ ਐਕਟ (ਪੀਐੱਮਐੱਲਏ) ਦੀ ਧਾਰਾ 8 365 ਦਿਨਾਂ ਦੀ ਉਪਰਲੀ ਹੱਦ ਮੁਹੱਈਆ ਕਰਵਾਉਂਦੀ ਹੈ। ਸੁਪਰੀਮ ਕੋਰਟ ਇਸ ਮਾਮਲੇ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ ਕਿਉਂਕਿ ਦੋਵੇਂ ਜੱਜ ਬੁੱਧਵਾਰ ਤੋਂ ਵੱਖਰੇ ਬੈਂਚਾਂ ਵਿਚ ਕਿਸੇ ਹੋਰ ਜੱਜ ਨਾਲ ਬੈਠਣਗੇ। ਬੈਂਚ ਨੇ ਕਿਹਾ, ‘‘ਸ੍ਰੀ ਰਾਜੂ ਸਾਡੇ ਕੁਝ ਸਵਾਲ ਹਨ, ਤੇ ਅਸੀਂ ਚਾਹੁੰਦੇ ਹਾਂ ਕਿ ਆਪਣੀਆਂ ਦਲੀਲਾਂ ਰੱਖਣ ਮੌਕੇ ਤੁਸੀਂ ਹੀ ਇਨ੍ਹਾਂ ਦੇ ਜਵਾਬ ਦੇਵੋ। ਪਹਿਲਾ ਸਵਾਲ ਹੈ ਕਿ ਕੀ ਈਡੀ ਬਿਨਾਂ ਕਿਸੇ ਅਦਾਲਤੀ ਕਾਰਵਾਈ ਦੇ....ਇਸ ਕੋਰਟ ਵੱਲੋਂ ਪੀਐੱਮਐੱਲਏ ਨੂੰ ਲੈ ਕੇ ਦਿੱਤੇ ਫੈਸਲਿਆਂ ਦੇ ਮੱਦੇਨਜ਼ਰ ਫੌਜਦਾਰੀ ਕਾਰਵਾਈ ਸ਼ੁਰੂ ਕਰ ਸਕਦੀ ਹੈ।’’ ਬੈਂਚ ਨੇ ਕਿਹਾ ਕਿ ਇਸ ਕੇਸ ਵਿਚ ਹੁਣ ਤੱਕ ਕੁਰਕੀ ਜਾਂ ਜ਼ਬਤ ਕੀਤੇ ਜਾਣ ਦੀ ਕੋਈ ਕਾਰਵਾਈ ਨਹੀਂ ਹੋਈ, ਅਤੇ ਜੇਕਰ ਅਜਿਹੀ ਕੋਈ ਕਾਰਵਾਈ ਹੋਈ ਹੈ, ਤਾਂ ਈਡੀ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਪਟੀਸ਼ਨਰ (ਕੇਜਰੀਵਾਲ) ਇਸ ਨਾਲ ਕਿਵੇਂ ਜੁੜਿਆ ਹੈ।’’ ਜਸਟਿਸ ਖੰਨਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਆਬਕਾਰੀ ਨੀਤੀ ਕੇਸ ਵਿਚ ਹਿਰਾਸਤ ਵਿਚ ਹੈ, ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਦੋ ਹਿੱਸਿਆਂ ਵਿਚ ਵੰਡਿਆ ਸੀ। ਪਹਿਲਾ ਹਿੱਸਾ ਸਿਸੋਦੀਆ ਦੇ ਪੱੱਖ ਵਿਚ ਤੇ ਦੂਜਾ ਉਸ ਦੇ ਵਿਰੋਧ ਵਿਚ ਸੀ। ਬੈਂਚ ਨੇ ਕਿਹਾ, ‘‘ਤੁਹਾਨੂੰ (ਰਾਜੂ) ਦੱਸਣਾ ਹੋਵੇਗਾ ਕਿ ਪਟੀਸ਼ਨਰ (ਕੇਜਰੀਵਾਲ) ਦਾ ਕੇਸ ਸਿਸੋਦੀਆ ਫੈਸਲੇ ਦੇ ਕਿਹੜੇ ਹਿੱਸੇ ਵਿਚ ਪੈਂਦਾ ਹੈ।’’ ਜਸਟਿਸ ਖੰਨਾ ਨੇ ਕਿਹਾ ਕਿ ਤੀਜਾ ਸਵਾਲ ਈਡੀ ਦੀ ਗ੍ਰਿਫ਼ਤਾਰੀ ਦੀ ਤਾਕਤ ਨੂੰ ਲੈ ਕੇ ਹੈ ਕਿਉਂਕਿ ਇਹੀ ਵਜ੍ਹਾ ਹੈ ਕਿ ਕੇਜਰੀਵਾਲ ਨੇ ਵਾਰ ਵਾਰ ਕੋਰਟ ਤੱਕ ਰਸਾਈ ਕੀਤੀ ਹੈ। ਕੇਸ ਦੀ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੋਰਟ ਨੂੰ ਕੇਸ ਦੇ ਗਵਾਹਾਂ, ਵਾਅਦਾ ਮੁਆਫ਼ ਗਵਾਹਾਂ ਤੇ ਮੁਲਜ਼ਮਾਂ ਵੱਲੋਂ ਦਿੱਤੇ ਬਿਆਨਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਿਰਫ਼ ਪੰਜ ਬਿਆਨਾਂ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਦਾ ਨਾਮ ਹੈ।
ਸਿੰਘਵੀ ਨੇ ਕਿਹਾ ਕਿ ਈਡੀ ਸ਼ੁਰੂਆਤ ਵਿਚ ਇਸ ਕੇਸ ਵਿਚ ਗ੍ਰਿਫ਼ਤਾਰ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰ ਰਹੀ ਸੀ ਪਰ ਜਦੋਂ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਦਾ ਨਾਮ ਲਿਆ, ਤਾਂ ਜਾਂਚ ਏਜੰਸੀ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਨਾ ਕਰਨ ਦਾ ਫੈਸਲਾ ਕੀਤਾ। -ਪੀਟੀਆਈ

Advertisement

ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਰੱਦ

ਦਿੱਲੀ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਦਾਖ਼ਲ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਉਧਰ, ‘ਆਪ’ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਰਾਊਜ਼ ਐਵੇਨਿਊ ਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਸਬੰਧੀ ਵੱਖ-ਵੱਖ ਕੇਸ ਦਰਜ ਕੀਤੇ ਹਨ। ਸੀਬੀਆਈ ਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਜ਼ਮਾਨਤ ਦੇਣ ਦਾ ਸਹੀ ਸਮਾਂ ਨਹੀਂ ਹੈ। ਅਦਾਲਤ ਨੇ ਸੀਬੀਆਈ, ਈਡੀ ਅਤੇ ਸਿਸੋਦੀਆ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਬੀਆਈ ਅਤੇ ਈਡੀ ਨੇ ਦੋਸ਼ ਲਾਇਆ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਬਦਲਾਅ ਦੌਰਾਨ ਬੇਨੇਮੀਆਂ ਕੀਤੀਆਂ ਗਈਆਂ ਸਨ ਤਾਂ ਜੋ ਲਾਇਸੈਂਸਧਾਰਕਾਂ ਨੂੰ ਨਾਜਾਇਜ਼ ਲਾਭ ਪਹੁੰਚਾਇਆ ਜਾ ਸਕੇ। ਸੀਬੀਆਈ ਨੇ ਇਸ ਮਾਮਲੇ ਵਿੱਚ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸੀਬੀਆਈ ਦੀ ਐੱਫਆਈਆਰ ਦੇ ਅਧਾਰ ’ਤੇ ਸਾਬਕਾ ਉਪ ਮੁੱਖ ਮੰਤਰੀ ਨੂੰ 9 ਮਾਰਚ 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ

ਕੇਜਰੀਵਾਲ ਨੇ ਪੰਜਾਬ ਅਤੇ ਕਿਸਾਨਾਂ ਬਾਰੇ ਪੁੱਛਿਆ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਏਐੱਨਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 30 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਨੇ ਪੰਜਾਬ ਤੇ ਸੂਬੇ ਦੇ ਕਿਸਾਨਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਕੇਜਰੀਵਾਲ ਨੇ ਪੁੱਛਿਆ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 158 ਬੱਚਿਆਂ ਨੂੰ ਪਹਿਲੀ ਵਾਰ ਜੇਈਈ ਮੇਨ ਦੀ ਪ੍ਰੀਖਿਆ ਪਾਸ ਕਰਨ ਲਈ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਸ਼ੁਰੂ ਹੋ ਗਈ ਹੈ। ਸ੍ਰੀ ਮਾਨ ਨੇ ਦੱਸਿਆ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਬਾਰੇ ਪੁੱਛਿਆ ਕਿਉਂਕਿ ਇਸ ਵੇਲੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਆ ਰਹੀ ਹੈ। ਕੇਜਰੀਵਾਲ ਨੇ ਪੁੱਛਿਆ ਕਿ ਕੀ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਸਿੱਧੇ ਖਾਤਿਆਂ ਵਿਚ ਕੀਤਾ ਜਾ ਰਿਹਾ ਹੈ, ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਸ੍ਰੀ ਕੇਜਰੀਵਾਲ ਨੂੰ ਜਾਣਕਾਰੀ ਦਿੱਤੀ ਕਿ ਸਭ ਕੁਝ ਠੀਕ ਚੱਲ ਰਿਹਾ ਹੈ। ਸੂਬਾ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ, ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟਿਆਂ ਵਿੱਚ ਪੈਸੇ ਭੇਜੇ ਜਾ ਰਹੇ ਹਨ, ਕਣਕ ਦਾ ਸੀਜ਼ਨ ਸਿਖਰ ’ਤੇ ਹੈ ਜੋ ਤਿੰਨ ਚਾਰ ਦਿਨਾਂ ’ਚ ਖਤਮ ਹੋ ਜਾਵੇਗਾ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਅਤੇ ਦੇਸ਼ ਬਾਰੇ ਵੀ ਪੁੱਛਿਆ ਜਿਸ ’ਤੇ ਮਾਨ ਨੇ ਕਿਹਾ ਕਿ ਉਹ ਹੁਣੇ ਹੀ ਗੁਜਰਾਤ ਦੇ ਭਰੂਚ ਅਤੇ ਭਾਵਨਗਰ ਤੋਂ ਆਏ ਹਨ। ਉਥੋਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੇਸ਼ ਵਾਸੀ ਕਹਿ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਨਾਲ ਧੱਕਾ ਕੀਤਾ ਗਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਇਹ ਭੁਲੇਖਾ ਹੈ ਕਿ ਇੱਕ ਵਿਅਕਤੀ ਨੂੰ ਜੇਲ੍ਹ ਵਿੱਚ ਪਾ ਕੇ ਉਹ ਸਾਰੀ ਪਾਰਟੀ ਦੀ ਆਵਾਜ਼ ਬੰਦ ਕਰ ਦੇਣਗੇ ਪਰ ਪਾਰਟੀ ਇਸ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਜਿੱਤ ਜਾਂ ਹਾਰ ਦੀ ਚੋਣ ਨਹੀਂ ਹੈ। ਇਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿਚ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਵੋਟਿੰਗ ਕਰਨੀ ਪਵੇਗੀ।

Advertisement
Author Image

Advertisement
Advertisement
×