ਸੰਗਰੂਰ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਲੱਗੀਆਂ ਲੋਕ ਅਦਾਲਤਾਂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜੁਲਾਈ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਪੀਐੱਸ ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੀ ਦੇਖ ਰੇਖ ਹੇਠ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ, ਮੂਨਕ, ਧੂਰੀ ਅਤੇ ਮਲੇਰਕਟਲਾ ਵਿੱਚ ਲੋਕ ਅਦਾਲਤ ਲਗਾਈ ਗਈ। ਸ੍ਰੀ ਰਾਜਿੰਦਰ ਸਿੰਘ ਰਾਏ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਦੱਸਿਆ ਗਿਆ ਕਿ ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 440 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਨਿ੍ਹਾਂ ਵਿੱਚੋਂ 57 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 42132478.36 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਜ਼ਿਲ੍ਹਾ ਪੱਧਰ ਉੱਤੇ 4 ਲੋਕ ਅਦਾਲਤ ਬੈਂਚਾਂ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 3 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।
ਪਟਿਆਲਾ ’ਚ 111 ਕੇਸਾਂ ਦਾ ਨਿਪਟਾਰਾ
ਪਟਿਆਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 15 ਜੁਲਾਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿੱਚ ਲੋਕ ਅਦਾਲਤ ਲਾਈ ਗਈ। ਇਸ ਦੌਰਾਨ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਦੇ 306 ਕੇਸਾਂ ਦੀ ਸੁਣਵਾਈ ਕੀਤੀ ਗਈ। ਜਨਿ੍ਹਾਂ ਵਿਚੋਂ 111 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਜਿਸ ਵਿੱਚ 19777429 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸੇ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਚੀਫ਼ ਜੁਡੀਸ਼ਲ ਮੈਜਿਸਟਰੇਟ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਵੀ ਕੀਤਾ ਗਿਆ।