For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ‘ਆਪ’ ਨੇ ਰੱਖੀ ਮੰਤਰੀਆਂ ’ਤੇ ਟੇਕ

10:04 AM Mar 15, 2024 IST
ਲੋਕ ਸਭਾ ਚੋਣਾਂ  ‘ਆਪ’ ਨੇ ਰੱਖੀ ਮੰਤਰੀਆਂ ’ਤੇ ਟੇਕ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 14 ਮਾਰਚ
ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ ਹੀ ਪੰਜਾਬ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਲੋਕ ਸਭਾ ਦੀਆਂ 13 ਸੀਟਾਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਇਸ ਦੌਰਾਨ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੂੰ ਸੂਬੇ ਵਿੱਚ ਕੋਈ ਵੀ ਚਰਚਿਤ ਚਿਹਰਾ ਨਹੀਂ ਲੱਭਿਆ ਹੈ, ਜਿਸ ਕਾਰਨ ‘ਆਪ’ ਨੂੰ ਅੱਠ ਵਿੱਚੋਂ ਮੌਜੂਦਾ ਪੰਜ ਕੈਬਨਿਟ ਮੰਤਰੀਆਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਨਾ ਪਿਆ ਹੈ। ਇਸ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਸ਼ਾਮਲ ਹਨ।
ਇਸ ਦੇ ਨਾਲ ਹੀ ‘ਆਪ’ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਹੈ ਤੇ ਪੰਜ ਦਿਨ ਪਹਿਲਾਂ ਹੀ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਵੀ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਬਦਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ 2022 ਵਿੱਚ ਕੀਤੇ ਵਾਅਦਿਆਂ ਵਿੱਚੋਂ ਜ਼ਿਆਦਾਤਰ ਨੂੰ ਦੋ ਸਾਲਾਂ ਦੇ ਕਾਰਜਕਾਲ ਵਿੱਚ ਹੀ ਪੂਰਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ‘ਆਪ’ ਸੂਬੇ ਵਿੱਚ ਕੋਈ ਚਰਚਿਤ ਚਿਹਰਾ ਉਭਾਰਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ, ਜਿਨ੍ਹਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਮੈਦਾਨ ਵਿੱਚ ਉਤਾਰਿਆ ਜਾ ਸਕੇ। ਉੱਧਰ ਪੰਜ ਮੰਤਰੀਆਂ ਦੇ ਲੋਕ ਸਭਾ ਚੋਣਾਂ ਵਿੱਚ ਜਿੱਤਣ ਉਪਰੰਤ ਮੁੜ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨੀ ਵੀ ‘ਆਪ’ ਸਰਕਾਰ ਲਈ ਵੱਡੀ ਚੁਣੌਤੀ ਬਣ ਸਕਦੀ ਹੈ।

Advertisement

ਕਾਂਗਰਸ ਦੇ ਸੂਬਾਈ ਪ੍ਰਧਾਨ ਵੜਿੰਗ ਨੇ ‘ਆਪ’ ਉੱਤੇ ਕੱਸਿਆ ਤਨਜ਼

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਦੇ 8 ਉਮੀਦਵਾਰਾਂ ਦੀ ਪਹਿਲੀ ਸੂਚੀ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 92 ਵਿਧਾਇਕਾਂ ਨਾਲ ਦੋ ਸਾਲਾਂ ਤੋਂ ਸਰਕਾਰ ਚਲਾਉਣ ਵਾਲੇ ਅਤੇ ਲੋਕ ਸਭਾ ਚੋਣਾਂ ਵਿੱਚ 13-0 ਨਾਲ ਜਿੱਤ ਦਾ ਦਾਅਵਾ ਕਰਨ ਵਾਲੀ ‘ਆਪ’ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ ਹਨ। ਇਸੇ ਕਰਕੇ ਪਹਿਲੀ ਸੂਚੀ ਵਿੱਚ ਹੀ ਅੱਠ ਵਿੱਚੋਂ ਪੰਜ ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

Advertisement
Author Image

sukhwinder singh

View all posts

Advertisement
Advertisement
×