ਮਨੂਵਾਦੀ ਵਿਚਾਰਧਾਰਾ ਖ਼ਿਲਾਫ਼ ਲੜਾਈ ਹੈ ਲੋਕ ਸਭਾ ਚੋਣਾਂ: ਖੜਗੇ
ਨਾਗਪੁਰ, 14 ਅਪਰੈਲ
ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਸੱਤਾਧਾਰੀ ਸਰਕਾਰ ਦੀ ਮਨੂਵਾਦੀ ਵਿਚਾਰਧਾਰਾ ਖ਼ਿਲਾਫ਼ ਲੜਾਈ ਹੈ, ਨਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼। ਉਨ੍ਹਾਂ ਕਿਹਾ ਕਿ ਭਾਜਪਾ ਇਕ ਅਜਿਹੀ ਲਾਂਡਰੀ ਹੈ ਜਿੱਥੇ ਭ੍ਰਿਸ਼ਟਾਂ ਨੂੰ ਮੋਦੀ ਸ਼ਾਮਲ ਕਰਦੇ ਹਨ, ਅਮਿਤ ਸ਼ਾਹ ਉਨ੍ਹਾਂ ਨੂੰ ਧੋਣ ਲਈ ਪਾਉਂਦੇ ਹਨ ਅਤੇ ਗਡਕਰੀ ਉਨ੍ਹਾਂ ਨੂੰ ਕਲੀਨਚਿੱਟ ਦੇ ਦਿੰਦੇ ਹਨ।
ਨਾਗਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਵਿਕਾਸ ਠਾਕਰੇ ਦੇ ਪੱਖ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ। ਨਾਗਪੁਰ ਸੀਟ ਤੋਂ ਭਾਜਪਾ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਉਮੀਦਵਾਰ ਹਨ। ਖੜਗੇ ਨੇ ਕਿਹਾ, ‘‘ਵਿਕਾਸ ਠਾਕਰੇ ਇਕ ਜ਼ਮੀਨੀ ਪੱਧਰ ਦੇ ਵਰਕਰ ਹਨ। ਉਨ੍ਹਾਂ ਨੂੰ ਮਨੂਵਾਦੀ ਵਿਚਾਰਧਾਰਾ ਨੂੰ ਹਰਾਉਣ ਲਈ ਚੁਣਿਆ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਮੋਦੀ ਜਾਂ ਗਡਕਰੀ ਖ਼ਿਲਾਫ਼ ਨਹੀਂ ਬਲਕਿ ਮਨੂਵਾਦੀ ਵਿਚਾਰਧਾਰਾ ਖ਼ਿਲਾਫ਼ ਲੜਾਈ ਹੈ।’’
ਸੀਨੀਅਰ ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਜੇਕਰ ਆਰਐੱਸਐੱਸ-ਭਾਜਪਾ ਜਿੱਤਦੀ ਹੈ ਤਾਂ ਅੱਗੇ ਕੋਈ ਚੋਣਾਂ ਨਹੀਂ ਹੋਣਗੀਆਂ ਅਤੇ ਉਹ ਸੰਵਿਧਾਨ ਨੂੰ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ, ‘‘ਕਾਂਗਰਸ ਨੇ ਦੇਸ਼ ਦੀ ਆਜ਼ਾਦੀ ਲਈ ਕੰਮ ਕੀਤਾ ਪਰ ਹੁਣ ਮੋਦੀ ਪੁੱਛਦੇ ਹਨ ਕਿ ਪਾਰਟੀ ਨੇ ਪਿਛਲੇ 70 ਸਾਲਾਂ ਵਿੱਚ ਕੀ ਕੀਤਾ ਹੈ।’’ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ, ‘‘ਰਾਸ਼ਟਰੀ ਸਵੈਮ ਸੇਵੀ ਸੰਘ (ਆਰਐੱਸਐੱਸ) ਨੇ ਆਜ਼ਾਦੀ ਸੰਗਰਾਮ ਦੌਰਾਨ ਕੁਝ ਨਹੀਂ ਕੀਤਾ, ਪਰ ਹੁਣ ਉਹ ਰਾਮ ਮੰਦਰ ਤੇ ਬਾਬਾ ਸਾਹਿਬ ਅੰਬੇਡਕਰ ਦੇ ਨਾਮ ’ਤੇ ਵੋਟਾਂ ਮੰਗਣ ਆਉਂਦੇ ਹਨ।’’ -ਪੀਟੀਆਈ
ਸੰਜੇ ਸਿੰਘ ਨੇ ਖੜਗੇ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਦੌਰਾਨ ਲੋਕ ਸਭਾ ਚੋਣਾਂ ਲਈ ‘ਇੰਡੀਆ’ ਗੱਠਜੋੜ ਦਾ ਘੱਟੋ-ਘੱਟ ਸਾਂਝਾ ਪ੍ਰੋਗਰਾਮ ਪੇਸ਼ ਕਰਨ ’ਤੇ ਜ਼ੋਰ ਦਿੱਤਾ। ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਖੜਗੇ ਤੋਂ ਸਮਰਥਨ ਮੰਗਿਆ ਅਤੇ ਕਾਂਗਰਸ ਪ੍ਰਧਾਨ ਨੂੰ ਇਹ ਵੀ ਦੱਸਿਆ ਕਿ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਿਵੇਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ। -ਪੀਟੀਆਈ