ਲੋਕ ਸਭਾ ਚੋਣਾਂ: 614 ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸੀਸੀਟੀਵੀ ਕੈਮਰੇ
ਆਤਿਸ਼ ਗੁਪਤਾ
ਚੰਡੀਗੜ੍ਹ, 31 ਮਾਰਚ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵੱਲੋਂ ਯੂਟੀ ਦੇ ਸਾਰੇ 614 ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਪੋਲਿੰਗ ਸਟੇਸ਼ਨਾਂ ਦੀ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਵਿਨੈ ਪ੍ਰਤਾਪ ਸਿੰਘ ਨੇ ਧਨਾਸ ਵਿੱਚ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਕੀਤਾ ਹੈ। ਇਸ ਮੌਕੇ ਐੱਸਐੱਸਪੀ ਕੰਵਰਦੀਪ ਕੌਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਧਨਾਸ ਵਿਚਲੇ ਕੁਝ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਦੌਰਾਨ ਕੀਤਾ। ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਤਿਆਰ ਕਰਨ ਬਾਰੇ ਰਣਨੀਤੀ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਵਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ।
ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਵੀ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਸੀਸੀਟੀਵੀ ਕੈਮਰੇ ਲਗਾਉਣ ਤੇ ਹੋਰਨਾਂ ਸੁਰੱਖਿਆ ਪ੍ਰਬੰਧਾਂ ਰੱਖਣ ਬਾਰੇ ਵਿਚਾਰ-ਚਰਚਾ ਕੀਤੀ ਗਈ।
ਐੱਸਐੱਸਪੀ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ’ਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮਾਈਕਰੋ ਅਬਜ਼ਰਵਰ ਤੈਨਾਤ ਕੀਤੇ ਜਾਣਗੇ, ਜਿਨ੍ਹਾਂ ਵੱਲੋਂ ਚੌਕਸੀ ਰੱਖੀ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।