For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਪੁਲੀਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਫਲੈਗ ਮਾਰਚ

07:29 AM Apr 02, 2024 IST
ਲੋਕ ਸਭਾ ਚੋਣਾਂ  ਪੁਲੀਸ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਫਲੈਗ ਮਾਰਚ
ਮਾਨਸਾ ਵਿੱਚ ਫਲੈਗ ਮਾਰਚ ਕਰਦੀ ਹੋਈ ਪੁਲੀਸ। -ਫੋਟੋ: ਸੁਰੇਸ਼
Advertisement

ਮਨੋਜ ਸ਼ਰਮਾ
ਬਠਿੰਡਾ, 1 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਐੱਸਐੱਸਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਲੋਕ ਸਭਾ ਦੀਆਂ ਚੋਣਾਂ-2024 ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਲੈਗ ਮਾਰਚ ਸ਼ਹਿਰਾਂ ਕਸਬਿਆਂ ਤੋਂ ਇਲਾਵਾ ਪਿੰਡਾਂ ਵਿੱਚ ਕੱਢੇ ਜਾਣਗੇ। ਜਾਣਕਾਰੀ ਅਨੁਸਾਰ ਇਹ ਫਲੈਗ ਮਾਰਚ ਪੁਲੀਸ ਲਾਈਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮਾਡਲ ਟਾਊਨ ਫੇਜ਼-1, ਘੋੜਾ ਚੌਕ, ਧੋਬੀ ਬਾਜ਼ਾਰ, ਰੇਲਵੇ ਸਟੇਸ਼ਨ ਤੋਂ ਮਾਲ ਰੋਡ ਹੁੰਦਾ ਹੋਇਆ ਫਾਇਰ ਬ੍ਰਿਗੇਡ ਚੌਕ ਵਿਖੇ ਸਮਾਪਤ ਹੋਇਆ। ਇਸ ਦੌਰਾਨ ਚੋਣ ਅਫਸਰ ਨੇ ਸਥਾਨਕ ਐੱਸਐੱਸਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਬਣੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਮੌਕੇ ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਪੀਸੀਆਰ ਵੱਲੋਂ ਦਿਨ-ਰਾਤ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਨਿਰਪੱਖ ਤੇ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਜਾਣਕਾਰੀ ਅਨੁਸਾਰ ਫਲੈਗ ਮਾਰਚ ’ਚ 3 ਐੱਸਪੀ, 8 ਡੀਐੱਸਪੀ, 8 ਐੱਸਐੱਚਓ ਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਸਣੇ 500 ਪੁਲੀਸ ਮੁਲਾਜ਼ਮ ਹਾਜ਼ਰ ਸਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੀਆਂ ਹਦਾਇਤਾਂ ਨੂੰ ਹਰਿਆਣਾ ਦੀ ਹੱਦ ਨਾਲ ਲੱਗਦੇ ਇਸ ਜ਼ਿਲ੍ਹੇ ਵਿੱਚ ਲੋਕਾਂ ਦੇ ਮਨ ’ਚ ਪੁਲੀਸ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਐੱਸਐੱਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਪੁਲੀਸ ਪ੍ਰਸ਼ਾਸਨ ਨੇ ਸ਼ਹਿਰ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਰਾਹੀਂ ਪੁਲੀਸ ਪ੍ਰਸਾਸ਼ਨ ਨੇ ਲੋਕਾਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਹਾਲ ਰੱਖਣ ਦਾ ਸੁਨੇਹਾ ਦਿੱਤਾ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਲੋਕਾਂ ਨੂੰ ਬਗੈਰ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਅੱਜ ਦਾ ਇਹ ਫਲੈਗ ਮਾਰਚ ਥਾਣਾ ਸਿਟੀ-2 ਤੋਂ ਸ਼ੁਰੂ ਹੋਕੇ ਬੱਸ ਸਟੈਂਡ, ਮੇਨ ਬਾਜ਼ਾਰ, ਗਊਸ਼ਾਲਾ ਰੋਡ, ਵਾਟਰ ਵਰਕਸ ਰੋਡ, ਜਵਾਹਰਕੇ ਰੋਡ ਤੇ ਬਾਰਾਂ ਹੱਟਾ ਚੌਂਕ ਤੱਕ ਗਿਆ। ਫਲੈਗ ਮਾਰਚ ਦੌਰਾਨ ਲੋਕਾਂ ਨੂੰ ਇਹੋ ਸੁਨੇਹਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ-ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਜੇਕਰ ਕੋਈ ਵਿਅਕਤੀ ਉਨ੍ਹਾਂ ’ਤੇ ਦਬਾਅ ਬਣਾਉਣ ਜਾਂ ਕੋਈ ਲਾਲਚ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਪੁਲੀਸ ਨੂੰ ਇਸ ਦੀ ਇਤਲਾਹ ਕੀਤੀ ਜਾਵੇ।
ਤਪਾ ਮੰਡੀ/ਭਦੌੜ (ਸੀ. ਮਾਰਕੰਡਾ /ਰਾਜਿੰਦਰ ਵਰਮਾ ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਡਾ. ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਡੀਐੱਸਪੀ ਡਾ. ਸਿੱਧੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਬ ਡਿਵੀਜ਼ਨ ਅੰਦਰ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਸਕੀ।

Advertisement

ਨਾਕਿਆਂ ’ਤੇ ਲਗਾਏ ਜਾਣਗੇ ਸੀਸੀਟੀਵੀ ਕੈਮਰੇ

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਨਿਰਪੱਖ ਤੇ ਸ਼ਾਂਤੀਪੂਰਨ ਕਰਵਾਉਣ ਲਈ ਪੰਜਾਬ ਦੀਆਂ ਸਰਹੱਦਾਂ ’ਤੇ ਲੱਗੇ ਨਾਕਿਆਂ ’ਤੇ ਸੀਸੀਟੀਵੀ ਕੈਮਰੇ ਲਾਏ ਜਾਣਗੇ ਅਤੇ ਲਿੰਕ ਸੜਕਾਂ ’ਤੇ ਵੀ ਨਜ਼ਰ ਰੱਖੀ ਜਾਵੇਗੀ। ਇਸ ਸਬੰਧੀ ਮਾਨਸਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਨਾਲ ਵੀਡੀਓ ਕਾਨਫਰੰਸਿਗ ਜ਼ਰੀਏ ਗੱਲਬਾਤ ਕੀਤੀ ਗਈ ਹੈ। ਇਸ ਮੀਟਿੰਗ ’ਚ ਜ਼ਿਲ੍ਹਾ ਪੁਲੀਸ ਮੁਖੀ ਤੋਂ ਇਲਾਵਾ ਆਬਕਾਰੀ ਵਿਭਾਗ ਦੇ ਉਚ ਅਧਿਕਾਰੀ ਵੀ ਸ਼ਾਮਲ ਹੋਏ। ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਆਰ.ਕੇ. ਸਿੰਘ ਨੇ ਦੱਸਿਆ ਕਿ ਦੋਵੇਂ ਜ਼ਿਲ੍ਹਿਆਂ ਵੱਲੋਂ ਲਾਏ ਗਏ ਨਾਕਿਆਂ ’ਤੇ ਸੀਸੀਟੀਵੀ ਕੈਮਰੇ ਲਾਏ ਜਾਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਲਿੰਕ ਸੜਕਾਂ ’ਤੇ ਵੀ ਪੁਲੀਸ ਨੂੰ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ।

Advertisement
Author Image

Advertisement
Advertisement
×