For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਦੀਆਂ ਮੁਸ਼ਕਲਾਂ ਵਧੀਆਂ

08:45 AM Apr 17, 2024 IST
ਲੋਕ ਸਭਾ ਚੋਣਾਂ  ਮਨੀਸ਼ ਤਿਵਾੜੀ ਦੀਆਂ ਮੁਸ਼ਕਲਾਂ ਵਧੀਆਂ
ਸੈਕਟਰ-15 ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 16 ਅਪਰੈਲ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚੰਡੀਗੜ੍ਹ ਕਾਂਗਰਸ ਵਿੱਚ ਸ਼ੁਰੂ ਹੋਏ ਬਗਾਵਤ ਸੁਰ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਲਗਾਤਾਰ ਦੂਜੇ ਦਿਨ ਚੰਡੀਗੜ੍ਹ ਕਾਂਗਰਸ ਦੇ ਹਿਮਾਚਲ ਸੈੱਲ ਦੇ ਚੇਅਰਮੈਨ ਮੀਹੀਰ ਗੁਲੇਰੀਆ ਸਣੇ ਦਰਜਨਾਂ ਕਾਂਗਰਸੀ ਵਰਕਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਹਿਮਾਚਲ ਸੈੱਲ ਦੇ ਆਗੂਆਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਕਾਂਗਰਸ ਤੋਂ ਨਾਰਾਜ਼ ਵਰਕਰਾਂ ਨੇ ਸੈਕਟਰ-15 ਵਿੱਚ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਲੱਕੀ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।
ਮੀਹੀਰ ਗੁਲੇਰੀਆ ਨੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ’ਤੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵਿਰੁੱਧ ਸੋਸ਼ਲ ਮੀਡੀਆ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਉਹ ਸ੍ਰੀ ਬਾਂਸਲ ਵਿਰੁੱਧ ਅਜਿਹੀ ਸ਼ਬਦਾਵਲੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਸ੍ਰੀ ਗੁਲੇਰੀਆ ਨੇ ਕਿਹਾ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ’ਚ ਅੰਦਰੁਨੀ ਮਾਹੌਲ ਨਿੱਤ ਖਰਾਬ ਹੁੰਦਾ ਜਾ ਰਿਹਾ ਹੈ, ਅੱਜ ਕੋਈ ਵੀ ਅਹੁਦੇਦਾਰ ਪਾਰਟੀ ਦਫ਼ਤਰ ਵਿੱਚ ਜਾਣ ਲਈ ਤਿਆਰ ਨਹੀਂ ਹੈ। ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਵਰਕਰਾਂ ਨੇ ਹਾਈਕਮਾਂਡ ਤੋਂ ਲੱਕੀ ਨੂੰ ਪ੍ਰਧਾਨਗੀ ਤੋਂ ਹਟਾ ਕੇ ਪਵਨ ਕੁਮਾਰ ਬਾਂਸਲ ਦੇ ਪੁੱਤ ਮਨੀਸ਼ ਬਾਂਸਲ ਨੂੰ ਪ੍ਰਧਾਨ ਬਣਾਉਣ ਦੀ ਮੰਗ ਕੀਤੀ।
ਹਿਮਾਚਲ ਸੈੱਲ ਦੇ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਿਮਾਚਲ ਦੇ ਲੋਕਾਂ ਦੀ ਇਕ ਲੱਖ ਵੋਟ ਹੈ, ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਲੋਕ ਸਭਾ ਚੋਣਾਂ ’ਚ ਹਿਮਾਚਲੀਆਂ ਦਾ ਵਿਰੋਧ ਝੱਲਣਾ ਪਵੇਗਾ। ਕਾਂਗਰਸ ਪਾਰਟੀ ਤੋਂ ਨਾਰਾਜ਼ ਵਰਕਰਾਂ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਬੀਤੇ ਦਿਨ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਤੇ ਹਾਫਿਜ਼ ਅਨਵਰ ਉਲ ਹੱਕ ਸਣੇ ਹੋਰਨਾਂ ਆਗੂਆਂ ਨੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

Advertisement

ਕਾਂਗਰਸ ਪਾਰਟੀ ਤੋਂ ਕੋਈ ਵਰਕਰ ਨਾਰਾਜ਼ ਨਹੀਂ: ਲੱਕੀ

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੋਈ ਵੀ ਕਾਂਗਰਸੀ ਵਰਕਰ ਪਾਰਟੀ ਤੋਂ ਨਾਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਯੁਥ ਕਾਂਗਰਸ ਦੇ ਆਗੂਆਂ ਵੱਲੋਂ ਅਸਤੀਫ਼ਾ ਦੇਣ ਦੀ ਅਫਵਾਹ ਉਡਾਈ ਗਈ ਸੀ, ਉਨ੍ਹਾਂ ਨੇ ਅੱਜ ਸਪੱਸ਼ਟ ਕਰ ਦਿੱਤਾ ਕਿ ਉਹ ਪਾਰਟੀ ਦੇ ਨਾਲ ਹਨ। ਸ੍ਰੀ ਲੱਕੀ ਨੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਕਾਂਗਰਸ ਦੇ ਹਿਮਾਚਲ ਸੈੱਲ ਨੂੰ ਕੁਝ ਸਮਾਂ ਪਹਿਲਾਂ ਹੀ ਭੰਗ ਕਰ ਦਿੱਤਾ ਸੀ, ਅੱਜ ਹਿਮਾਚਲ ਸੈੱਲ ਦਾ ਕੋਈ ਅਹੁਦੇਦਾਰ ਨਹੀਂ ਹੈ।

Advertisement
Author Image

sukhwinder singh

View all posts

Advertisement
Advertisement
×